ਚੰਡੀਗੜ੍ਹ -ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ।ਵੀਰਵਾਰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਮੇਰੇ ਨਾਲ ਕਰਮਚਾਰੀਆਂ ਦੀਆਂ ਮੰਗਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ।ਉਨ੍ਹਾਂ ਸਾਂਝਾ ਕੀਤਾ ਕਿ ਗੱਲਬਾਤ ਦੌਰਾਨ ਕਈ ਮੰਗਾਂ ਦਾ ਹੱਲ ਕਰ ਲਿਆ ਗਿਆ, ਜਦੋਂ ਕਿ ਕਾਨੂੰਨੀ ਅਤੇ ਚੋਣ ਜ਼ਾਬਤੇ ਨਾਲ ਸਬੰਧਤ ਕੁਝ ਮੁੱਦਿਆਂ ‘ਤੇ ਅਗਲੇਰੀ ਪ੍ਰਕਿਰਿਆਤਮਕ ਵਿਚਾਰ ਵਟਾਂਦਰੇ ਦੀ ਲੋੜ ਹੈ। ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ ਨਾਲ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ ਜੋ ਸਾਰੀਆਂ ਲੰਬਿਤ ਮੰਗਾਂ ਦੀ ਜਾਂਚ ਕਰੇਗੀ ਅਤੇ ਇੱਕ ਸਥਾਈ ਤੇ ਵਿਹਾਰਕ ਹੱਲ ਲਈ ਕੰਮ ਕਰੇਗੀ।ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਈ ਐੱਸ ਆਈ ਏਜੰਟ ਕਹਿਣ ਬਾਰੇ ਸਵਾਲਾਂ ਦਾ ਜਵਾਬ ਦਿੰਦਿਆਂ ਚੀਮਾ ਨੇ ਇਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਜਨਾਦੇਸ਼ ਦਾ ਅਪਮਾਨ ਕਰਾਰ ਦਿੱਤਾ।’ਕਾਕਰੋਚ ਜਨਤਾ ਪਾਰਟੀ’ ਬਾਰੇ ਮੀਡੀਆ ਦੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਦਾ ਲੋਕਤੰਤਰ ਅਤੇ ਸੰਵਿਧਾਨ ਹਰ ਨਾਗਰਿਕ ਨੂੰ ਸਿਆਸੀ ਪਾਰਟੀ ਬਣਾਉਣ ਅਤੇ ਆਪਣੇ ਵਿਚਾਰ ਖੁੱਲ੍ਹ ਕੇ ਪ੍ਰਗਟ ਕਰਨ ਦਾ ਅਧਿਕਾਰ ਦਿੰਦਾ ਹੈ।





