ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪਾਈ ਪੋਸਟ ਨੂੰ ਕਰੀਬ 2 ਕਰੋੜ ਲੋਕਾਂ ਦਾ ਸਮਰਥਨ
ਨਵੀਂ ਦਿੱਲੀ (ਨ ਜ਼ ਸ)
ਦੇਸ਼ ਭਰ ਵਿੱਚ ਨੀਟ-ਯੂ ਜੀ ਪ੍ਰੀਖਿਆ ਦੇ ਪੇਪਰ ਲੀਕ ਅਤੇ ਵਿਵਾਦਾਂ ਨੂੰ ਲੈ ਕੇ ਨੌਜਵਾਨਾਂ ਵਿੱਚ ਫੈਲੇ ਗੁੱਸੇ ਦੇ ਵਿਚਕਾਰ, ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਉੱਭਰੀ ਡਿਜੀਟਲ ਜਥੇਬੰਦੀ ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੱਕ ਵੱਡੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੀ ਜੇ ਪੀ ਦੇ ਸੰਸਥਾਪਕ ਅਭੀਜੀਤ ਦੀਪਕੇ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੀਪਕੇ ਦੀ ਤਾਜ਼ਾ ਪੋਸਟ ਨੂੰ 1.90 ਕਰੋੜ ਲੋਕਾਂ ਦੀ ਹਿਮਾਇਤ ਮਿਲ ਚੁੱਕੀ ਸੀ। ਦੇਸ਼ ਦੇ ਲੱਖਾਂ ਪ੍ਰੀਖਿਆਰਥੀਆਂ ਦੇ ਭਵਿੱਖ ਨਾਲ ਹੋਏ ਖਿਲਵਾੜ ਦੇ ਮੁੱਦੇ ਨੂੰ ਚੁੱਕਦਿਆਂ ਇਸ ਡਿਜੀਟਲ ਫਰੰਟ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਹਾਲਾਂਕਿ ਇਸ ਮੁਹਿੰਮ ਦੇ ਤੇਜ਼ ਹੁੰਦਿਆਂ ਹੀ ਕੇਂਦਰ ਸਰਕਾਰ ਵੱਲੋਂ ਭਾਰਤ ਵਿੱਚ ‘ਸੀ ਜੇ ਪੀ’ ਦਾ ਅਧਿਕਾਰਤ ਐਕਸ ਖਾਤਾ ਬੈਨ ਕਰ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਨੌਜਵਾਨਾਂ ਦਾ ਜੋਸ਼ ਮੱਠਾ ਨਹੀਂ ਪਿਆ। ਇਸ ਡਿਜੀਟਲ ਪਲੇਟਫਾਰਮ ਨੇ ਪੇਪਰ ਲੀਕ ਮਾਫੀਆ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਫੇਲ੍ਹ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਤੱਕ ਧਰਮੇਂਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ, ਇਹ ਮੁਹਿੰਮ ਦੇਸ਼ ਦੇ ਹਰ ਕੋਨੇ ਵਿੱਚ ਆਨਲਾਈਨ ਅਤੇ ਆਫਲਾਈਨ ਮਾਧਿਅਮ ਰਾਹੀਂ ਜਾਰੀ ਰਹੇਗੀ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਵੀ ਇਸ ਡਿਜੀਟਲ ਮੁਹਿੰਮ ਦਾ ਸਮਰਥਨ ਕਰਦਿਆਂ ਪ੍ਰੀਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੀ ਇੱਕ ਟਿੱਪਣੀ ਤੋਂ ਬਾਅਦ ਵਿਅੰਗ ਵਜੋਂ ਸ਼ੁਰੂ ਹੋਈ ਕਾਕਰੋਚ ਜਨਤਾ ਪਾਰਟੀ ਨੇ ਇੰਸਟਾਗ੍ਰਾਮ ‘ਤੇ ਫਾਲੋਅਰਜ਼ ਦੇ ਮਾਮਲੇ ਵਿੱਚ ਸੱਤਾਧਾਰੀ ਭਾਜਪਾ ਨੂੰ ਵੀ ਪਛਾੜ ਦਿੱਤਾ ਹੈ।




