ਚੰਡੀਗੜ•( ਗੁਰਜੀਤ ਬਿੱਲਾ)
ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀ ਚਿੰਤਾ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ ‘ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।ਸੁਪਰੀਮ ਕੋਰਟ ਵੱਲੋਂ 19 ਮਈ 2026 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ।ਮੁੱਖ ਮੰਤਰੀ ਨੇ ਕਿਹਾ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਅਜਿਹੇ ਕੁੱਤੇ ਜੋ ਬਹੁਤ ਜ਼ਿਆਦਾ ਖ਼ਤਰਨਾਕ ਹਨ ਅਤੇ ਮਨੁੱਖੀ ਜਾਨ ਲਈ ਖ਼ਤਰਾ ਬਣੇ ਹੋਏ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ ‘ਤੇ ਮਨਜ਼ੂਰਸ਼ੁਦਾ ਕਦਮ, ਜਿਸ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ, ਸਬੰਧੀ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਤੇ ਏ.ਬੀ.ਸੀ. ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ “ਇਸ ਕਦਮ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੇ ਨਾਗਰਿਕਾਂ ਵਿੱਚ ਵਿਆਪਕ ਚਿੰਤਾ ਪੈਦਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਲਈ ਇਸ ਮੁੱਦੇ ‘ਤੇ ਫੈਸਲਾਕੁੰਨ ਕਾਰਵਾਈ ਕਰਨਾ ਜ਼ਰੂਰੀ ਹੋ ਗਿਆ ਹੈ।





