ਸਰਕਾਰ ਨੇ ਵਾਅਦੇ ਅਨੁਸਾਰ 5 ਗਾਰੰਟੀਆਂ ਪੂਰੀਆਂ ਕੀਤੀਆਂ : ਹਰਪਾਲ ਸਿੰਘ ਚੀਮਾ

0
6

ਭਵਾਨੀਗੜ੍ਹ : ਨਗਰ ਕੌਂਸਲ ਭਵਾਨੀਗੜ੍ਹ ਦੀਆਂ ਚੋਣਾਂ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਐਤਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਾਰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਗੁਰਮੇਲ ਸਿੰਘ ਘਰਾਚੋਂ ਅਤੇ ਡਾ. ਮਿੰਕੂ ਜਵੰਧਾ ਵੀ ਹਾਜ਼ਰ ਸਨ। ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਪੰਜਾਬ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਬਣੀਆਂ, ਪਰ ਕਿਸੇ ਵੀ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ, ਜਦੋਂ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਦਰਜ ਕੀਤੀਆਂ 5 ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੌਰਾਨ ਖਜ਼ਾਨਾ ਖਾਲੀ ਹੋਣ ਦਾ ਰੌਲਾ ਪਾਉਂਦੇ ਰਹਿੰਦੇ ਸਨ, ਪਰ ਉਨ੍ਹਾਂ ਵੱਲੋਂ ਬਤੌਰ ਵਿੱਤ ਮੰਤਰੀ ਹੁੰਦਿਆਂ ਸਾਰੀਆਂ ਚੋਰ ਮੋਰੀਆਂ ਬੰਦ ਕਰਕੇ ਸਰਕਾਰ ਦੇ ਮਾਲੀਏ ਵਿੱਚ 100 ਪ੍ਰਤੀਸ਼ਤ ਵਾਧਾ ਕੀਤਾ ਗਿਆ ਹੈ। ਉਨ੍ਹਾਂ ਵੋਟਰਾਂ ਨੂੰ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਭਵਾਨੀਗੜ੍ਹ ਸ਼ਹਿਰ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਜਾਰੀ ਕਰਨਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੀ ਕਈ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀਆਂ ਕੀਤੀਆਂ। ਇਸੇ ਦੌਰਾਨ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਹਰਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਅਵਤਾਰ ਸਿੰਘ ਤਾਰੀ, ਸੁਖਦੇਵ ਸਿੰਘ, ਲਖਵਿੰਦਰ ਸਿੰਘ ਕਲੇਰ, ਜਤਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ।