ਨਵੀਂ ਦਿੱਲੀ (ਨ ਜ਼ ਸ)- ਸੁਪਰੀਮ ਕੋਰਟ ਨੇ ਸੋਮਵਾਰ ਕਿਹਾ ਕਿ ਇਹ ਅਫਸੋਸ ਦੀ ਗੱਲ ਹੈ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਨੇ ਪਿਛਲੇ ਨੀਟ ਪੇਪਰ ਲੀਕ ਤੋਂ ਕੋਈ ਸਬਕ ਨਹੀਂ ਸਿੱਖਿਆ ਹੈ। ਇਸ ਦੇ ਨਾਲ ਹੀ ਕੋਰਟ ਨੇ ਮੈਡੀਕਲ ਦਾਖਲਾ ਪ੍ਰੀਖਿਆ ਕਰਵਾਉਣ ਵਾਲੀ ਇਸ ਟੈਸਟਿੰਗ ਏਜੰਸੀ ਨੂੰ ਬਦਲ ਕੇ ਇੱਕ ਮਜ਼ਬੂਤ ਅਤੇ ਖੁਦਮੁਖਤਿਆਰ ਸੰਸਥਾ ਬਣਾਉਣ ਦੀ ਮੰਗ ਵਾਲੀਆਂ ਪਟੀਸ਼ਨਾਂ ‘ਤੇ ਕੇਂਦਰ, ਐੱਨ ਟੀ ਏ ਅਤੇ ਸੀ ਬੀ ਆਈ ਤੋਂ ਜਵਾਬ ਮੰਗਿਆ ਹੈ। ਜਸਟਿਸ ਪੀ ਐੱਸ ਨਰਸਿਮਹਾ ਅਤੇ ਜਸਟਿਸ ਆਲੋਕ ਅਰਾਧੇ ਦੀ ਬੈਂਚ ਨੇ ਨਿਰਦੇਸ਼ ਦਿੱਤਾ ਕਿ ਪਟੀਸ਼ਨਾਂ ਦੀਆਂ ਕਾਪੀਆਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਹੋਰਨਾਂ ਧਿਰਾਂ ਨੂੰ ਦਿੱਤੀਆਂ ਜਾਣ। ਬੈਂਚ ਨੇ ਐੱਨ ਟੀ ਏ ਨੂੰ 2024 ਵਿੱਚ ਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਬਾਰੇ ਵੀਰਵਾਰ ਤੱਕ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਕੋਰਟ, ਜਿਸ ਨੇ ਵਕੀਲ ਤਨਵੀ ਦੂਬੇ ਰਾਹੀਂ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ, ਨੇ ਕਿਹਾ ਕਿ ਉਹ ਇਸੇ ਤਰ੍ਹਾਂ ਦੇ ਸਾਰੇ ਮਾਮਲਿਆਂ ਨੂੰ ਇਕੱਠੇ ਜੋੜ ਕੇ ਸੁਣਵਾਈ ਕਰੇਗੀ।


