ਡੇਢ ਹਫਤੇ ‘ਚ ਚੌਥੀ ਸਟਰਾਈਕ

0
12

ਨਵੀਂ ਦਿੱਲੀ (ਨ ਜ਼ ਸ) ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਸੋਮਵਾਰ ਸਵੇਰੇ ਇੱਕ ਹੋਰ ਵੱਡਾ ਝਟਕਾ ਲੱਗਿਆ, ਜਦੋਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 2.61 ਰੁਪਏ ਅਤੇ ਡੀਜ਼ਲ ਦੀ ਕੀਮਤ ‘ਚ 2.71 ਰੁਪਏ ਪ੍ਰਤੀ ਲੀਟਰ ਤੱਕ ਦਾ ਭਾਰੀ ਵਾਧਾ ਕਰ ਦਿੱਤਾ। ਪਿਛਲੇ ਦੋ ਹਫਤਿਆਂ ਤੋਂ ਵੀ ਘੱਟ ਸਮੇਂ ਅੰਦਰ ਤੇਲ ਦੀਆਂ ਕੀਮਤਾਂ ਵਿੱਚ ਇਹ ਚੌਥਾ ਵਾਧਾ ਹੈ। ਤੇਲ ਕੰਪਨੀਆਂ ਵੱਲੋਂ ਕੌਮਾਂਤਰੀ ਬਜ਼ਾਰ ਵਿੱਚ ਵਧ ਰਹੀਆਂ ਕੀਮਤਾਂ ਦਾ ਬੋਝ ਸਿੱਧਾ ਉਪਭੋਗਤਾਵਾਂ ਦੀਆਂ ਜੇਬਾਂ ‘ਤੇ ਪਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਬਜਟ ਪੂਰੀ ਤਰ੍ਹਾਂ ਹਿੱਲ ਗਿਆ ਹੈ। ਲੰਬੇ ਸਮੇਂ ਦੀ ਖੜੋਤ ਤੋਂ ਬਾਅਦ ਲੰਘੀ 15 ਮਈ ਤੋਂ ਸ਼ੁਰੂ ਹੋਇਆ ਕੀਮਤਾਂ ਵਿੱਚ ਵਾਧੇ ਦਾ ਇਹ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਉਦੋਂ ਤੋਂ ਲੈ ਕੇ ਹੁਣ ਤੱਕ, ਮਹਿਜ਼ ਕੁਝ ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲੱਗਭੱਗ ਸਾਢੇ 7 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਇਸ ਤਾਜ਼ਾ ਵਾਧੇ ਨੇ ਮਹਿੰਗਾਈ ਦੀ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਮਾਲ-ਭਾੜਾ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਵਸਤਾਂ ਮਹਿੰਗੀਆਂ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 102.12 ਰੁਪਏ ਤੇ ਡੀਜ਼ਲ ਦੀ 95.20 ਰੁਪਏ ਪ੍ਰਤੀ ਲੀਟਰ ਤੱਕ ਪੁੱਜ ਗਈ ਹੈ। ਮਾਹਰਾਂ ਦਾ ਕਹਿਣਾ ਹੈ ਕਿ ਗਲੋਬਲ ਮਾਰਕੀਟ ਵਿੱਚ ਕੱਚੇ ਤੇਲ (ਕਰੂਡ ਆਇਲ) ਦੀਆਂ ਅਸਮਾਨੀ ਚੜ੍ਹਦੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਲਗਾਤਾਰ ਡਿੱਗ ਰਹੀ ਸਾਖ ਕਾਰਨ ਤੇਲ ਕੰਪਨੀਆਂ ਦੀ ਦਰਾਮਦ ਲਾਗਤ ਬਹੁਤ ਵਧ ਗਈ ਹੈ, ਜਿਸ ਦਾ ਖਮਿਆਜ਼ਾ ਹੁਣ ਦੇਸ਼ ਦੇ ਆਮ ਨਾਗਰਿਕ ਨੂੰ ਭੁਗਤਣਾ ਪੈ ਰਿਹਾ ਹੈ।
ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਕੰਪਨੀਆਂ ਦੇ ਭਾਰੀ ਮੁਨਾਫੇ ਦੇ ਅੰਕੜੇ ਸਾਂਝੇ ਕਰਦਿਆਂ ਸਵਾਲ ਚੁੱਕਿਆ ਹੈ ਕਿ ਜਦੋਂ ਤੇਲ ਕੰਪਨੀਆਂ ਪਹਿਲਾਂ ਹੀ ਅਰਬਾਂ ਰੁਪਏ ਕਮਾ ਰਹੀਆਂ ਹਨ, ਤਾਂ ਫਿਰ ਆਮ ਲੋਕਾਂ ‘ਤੇ ਤੇਲ ਦੀਆਂ ਕੀਮਤਾਂ ਵਧਾ ਕੇ ਬੋਝ ਕਿਉਂ ਪਾਇਆ ਜਾ ਰਿਹਾ ਹੈ।