ਭਾਜਪਾ ਨੇ ਹੁਣ ਸਾਬਕਾ ਕਾਂਗਰਸੀ ਸਿੱਖ ਪੰਜਾਬ ਪ੍ਰਧਾਨ ਬਣਾਇਆ

0
3

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਭਾਜਪਾ ਵਿੱਚ ਵੱਡਾ ਸੰਗਠਨਾਤਮਿਕ ਬਦਲਾਅ ਕਰਦਿਆਂ ਪਾਰਟੀ ਹਾਈਕਮਾਂਡ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਇਹ ਨਿਯੁਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀ ਗਈ ਹੈ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਕੇਵਲ ਸਿੰਘ ਢਿੱਲੋਂ, ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਹਨ, ਪਿਛਲੇ ਲੰਬੇ ਸਮੇਂ ਤੋਂ ਪਾਰਟੀ ਵਿੱਚ ਸਰਗਰਮ ਸਨ। ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਇੱਕ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਹੈ, ਕਿਉਂਕਿ ਤਰੁਣ ਚੁੱਘ, ਮੰਤਰੀ ਸ੍ਰੀਨਿਵਾਸਲੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਰਗੇ ਆਗੂ ਲੰਬੇ ਸਮੇਂ ਤੋਂ ਸੂਬਾ ਇਕਾਈ ਦੀ ਅਗਵਾਈ ਲਈ ਇੱਕ ਸਿੱਖ ਚਿਹਰੇ ਦੀ ਵਕਾਲਤ ਕਰ ਰਹੇ ਸਨ। 75 ਸਾਲਾ ਕੇਵਲ ਸਿੰਘ ਢਿੱਲੋਂ, ਜੋ ਕਿ ਜੂਨ 2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ, 2007 ਤੋਂ 2017 ਤੱਕ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ। ਉਹ ਇੱਕ ਸਫਲ ਕਾਰੋਬਾਰੀ ਵਜੋਂ ਵੀ ਜਾਣੇ ਜਾਂਦੇ ਹਨ। ਪਾਰਟੀ ਹੁਣ ਉਨ੍ਹਾਂ ਦੇ ਸੰਗਠਨਾਤਮਿਕ ਤਜਰਬੇ ‘ਤੇ ਭਰੋਸਾ ਕਰ ਰਹੀ ਹੈ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕਾਡਰ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾ ਸਕੇ।

ਮੈਂ ਕੋਈ ਸਿਫਾਰਸ਼ ਨਹੀਂ ਸੀ ਕੀਤੀ : ਕੈਪਟਨ
-ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ। ਉਨ੍ਹਾ ਸਾਫ਼ ਕਿਹਾ ਹੈ ਕਿ ਪਾਰਟੀ ਹਾਈਕਮਾਂਡ ਵੱਲੋਂ ਲਏ ਗਏ ਇਸ ਫੈਸਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ, ‘ਮੈਂ ਕਿਸੇ ਨੂੰ ਵੀ ਉਨ੍ਹਾਂ ਦੇ ਨਾਂਅ ਦੀ ਸਿਫ਼ਾਰਸ਼ ਨਹੀਂ ਕੀਤੀ ਸੀ। ਮੈਂ ਤਾਂ ਕਿਸੇ ਅਜਿਹੇ ਵਿਅਕਤੀ ਦੀ ਸਿਫ਼ਾਰਸ਼ ਕਰਨਾ ਪਸੰਦ ਕਰਾਂਗਾ, ਜੋ ਪਾਰਟੀ ਨੂੰ ਅੱਗੇ ਲੈ ਕੇ ਜਾ ਸਕੇ। ਇਹ ਕੋਈ ਮਾਲਵਾ, ਮਾਝਾ ਜਾਂ ਦੋਆਬਾ ਦਾ ਮੁੱਦਾ ਨਹੀਂ ਹੈ, ਮੈਂ ਜੇਕਰ ਇਸ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ, ਤਾਂ ਮੈਂ ਇਸ ਦੀ ਬਿਹਤਰੀ ਲਈ ਕੰਮ ਕਰਾਂਗਾ।’ ਉਨ੍ਹਾਂ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਵੀ ਖਾਰਜ ਕਰ ਦਿੱਤਾ, ਜਿਨ੍ਹਾਂ ਵਿੱਚ ਢਿੱਲੋਂ ਨੂੰ ਉਨ੍ਹਾਂ ਦਾ ਖਾਸ ਬੰਦਾ ਦੱਸਿਆ ਜਾ ਰਿਹਾ ਸੀ। ਕੈਪਟਨ ਨੇ ਕਿਹਾ ਕਿ ਸਤੰਬਰ 2021 ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੇਵਲ ਢਿੱਲੋਂ ਉਨ੍ਹਾਂ ਨੂੰ ਕਦੇ ਨਹੀਂ ਮਿਲੇ ਅਤੇ ਉਹ ਆਪਣੇ ਪੱਧਰ ‘ਤੇ ਹੀ ਕੰਮ ਕਰ ਰਹੇ ਹਨ।