ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ : ਮਾਨ

0
5

ਚੰਡੀਗੜ੍ਹ (ਨ ਜ਼ ਸ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ ਫੇਰ ਜਿੱਤ ਨੂੰ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਮਾਡਲ ‘ਤੇ ਫੈਸਲਾਕੁਨ ਮੋਹਰ ਅਤੇ ਵਿਰੋਧੀ ਧਿਰ ਦੀ ਨਫ਼ਰਤ, ਵੰਡੀਆਂ ਪਾਉਣ ਵਾਲੀ ਤੇ ਨਕਾਰਾਤਮਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰਨ ਵਾਲਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪੂਰੀ ਤਰ੍ਹਾਂ ‘ਸਫ਼ਾਇਆ’ ਕਰ ਦਿੱਤਾ ਹੈ।ਮਾਨ ਨੇ ਕਿਹਾ ਕਿ ਇਹ ਫ਼ੈਸਲਾ ਮੁਫ਼ਤ ਬਿਜਲੀ, ਮਿਆਰੀ ਸਿੱਖਿਆ, ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹੋਰ ਲੋਕ ਭਲਾਈ ਸਕੀਮਾਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਪੂਰੇ ਪੰਜਾਬ ਵਿੱਚ ‘ਆਪ’ ਦੇ ਦਬਦਬੇ, ਜਿਸ ਵਿੱਚ ਧੂਰੀ ਵਿੱਚ ਪਾਰਟੀ ਨੇ 21 ਵਿੱਚੋਂ 19 ਸੀਟਾਂ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਭਾਜਪਾ (ਜਿਸ ਨੂੰ ‘ਈ.ਡੀ. ਪਾਰਟੀ’ ਕਿਹਾ ਜਾਂਦਾ ਹੈ) ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ ਅਤੇ ਇੱਕ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਕਾਰਗੁਜ਼ਾਰੀ ਦੀ ਰਾਜਨੀਤੀ ਦੇ ਨਾਲ ਖੜ੍ਹਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਫ਼ਤਵਾ ਇਸ ਗੱਲ ਦਾ ਵੀ ਸੰਕੇਤ ਹੈ ਕਿ ‘ਆਪ’ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 2022 ਦੀ ਆਪਣੀ ਇਤਿਹਾਸਕ ਜਿੱਤ ਦੇ ਰਿਕਾਰਡ ਨੂੰ ਵੀ ਪਾਰ ਕਰਨ ਦੇ ਰਾਹ ‘ਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਸਾਂਝੀ ਤਾਕਤ ਵੀ ‘ਆਪ’ ਨੂੰ ਮਿਲੇ ਸਮਰਥਨ ਦਾ ਮੁਕਾਬਲਾ ਕਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ, ”ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ, ਜਿਸ ਨੂੰ ਮੈਂ ਈ.ਡੀ. ਪਾਰਟੀ ਕਹਿੰਦਾ ਹਾਂ, ਸਾਰੇ ਮਿਲ ਕੇ ਵੀ @ਆਪ@ ਵੱਲੋਂ ਜਿੱਤੀਆਂ ਗਈਆਂ ਸੀਟਾਂ ਦੀ ਗਿਣਤੀ ਤੱਕ ਨਹੀਂ ਪਹੁੰਚ ਸਕੇ। ਲੋਕਾਂ ਨੇ ਉਨ੍ਹਾਂ ਦੇ ਨਕਾਰਾਤਮਕ ਅਤੇ ਵੰਡ-ਪਾਊ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇੱਥੋਂ ਤੱਕ ਕਿ ਸ਼ਹਿਰੀ ਖੇਤਰਾਂ ਵਿੱਚ ਵੀ, ਜਿਨ੍ਹਾਂ ਨੂੰ ਭਾਜਪਾ ਆਪਣਾ ਰਵਾਇਤੀ ਵੋਟ ਬੈਂਕ ਮੰਨਦੀ ਹੈ, ਵੋਟਰਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।”
ਭਾਜਪਾ ਦੀ ਕਾਰਗੁਜ਼ਾਰੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ”ਭਾਜਪਾ 1,000 ਤੋਂ ਵੱਧ ਸੀਟਾਂ ‘ਤੇ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੀ। ਇੰਨਾ ਜ਼ਿਆਦਾ ਪ੍ਰਚਾਰ ਕਰਨ ਦੇ ਬਾਵਜੂਦ ਉਹ ਇਨ੍ਹਾਂ ਚੋਣਾਂ ਵਿੱਚ ਪੰਜਵੇਂ ਸਥਾਨ ‘ਤੇ ਰਹੀ ਹੈ। ਕਈ ਥਾਵਾਂ ‘ਤੇ ਤਾਂ ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਜਿੱਤੀਆਂ ਹਨ।ਅਜਿਹਾ ਲੱਗਦਾ ਸੀ ਜਿਵੇਂ ਭਾਜਪਾ ਸਿਰਫ਼ ‘ਨੋਟਾ’ ਨਾਲ ਮੁਕਾਬਲਾ ਕਰ ਰਹੀ ਹੋਵੇ।”
ਹਲਕਾਵਾਰ ਨਤੀਜਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ੈਸਲਾ ਪੂਰੇ ਪੰਜਾਬ ਵਿੱਚ ‘ਆਪ’ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ, ”ਪੰਜਾਬ ਕਾਂਗਰਸ ਪ੍ਰਧਾਨ ਦੇ ਜੱਦੀ ਹਲਕੇ ਗਿੱਦੜਬਾਹਾ ਵਿੱਚ ‘ਆਪ’ ਨੇ 19 ਵਿੱਚੋਂ 17 ਸੀਟਾਂ ਜਿੱਤੀਆਂ। ਬਰਨਾਲਾ, ਜੋ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਨਾਲ ਸਬੰਧਤ ਹੈ, ਉੱਥੇ ਭਾਜਪਾ ਕਿਤੇ ਮੁਕਾਬਲੇ ਵਿੱਚ ਹੀ ਨਹੀਂ ਸੀ, ਜਦੋਂਕਿ ‘ਆਪ’ ਨੇ 50 ਵਿੱਚੋਂ 37 ਸੀਟਾਂ ‘ਤੇ ਜਿੱਤ ਦਰਜ ਕੀਤੀ।’