ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੁਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।ਮੀਟਿੰਗ ਦੌਰਾਨ ਮੁੱਖ ਸਕੱਤਰ ਕੇ ਏ ਪੀ ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।




