ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ : ਮਾਨ

0
2

ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ)
ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਸਿੰਘ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।
ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ ਈ ਈ ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸੁਰੂ ਹੋ ਗਏ ਹਨ। ਐਤਵਾਰ ਇੱਥੇ ਟੈਗੋਰ ਥੀਏਟਰ ਵਿਖੇ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ, ਸਗੋਂ ਦੇਸ਼ ਭਰ ਵਿੱਚ ਉੱਤਮਤਾ, ਆਤਮ-ਵਿਸਵਾਸ਼ ਅਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਇਸ ਇਕੱਠ ਦੀਆਂ ਕੁਝ ਝਲਕੀਆਂ ‘ਐੱਕਸ’ ‘ਤੇ ਸਾਂਝੀਆਂ ਕਰਦਿਆਂ ਮੁੱਖ ਮੰਤਰ ਨੇ ਲਿਖਿਆ, ”ਅੱਜ ਚੰਡੀਗੜ੍ਹ ਵਿਖੇ ‘ਸਿਤਾਰੇ ਜ਼ਮੀਨ ‘ਤੇ’ ਪ੍ਰੋਗਰਾਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਟੌਪਰਾਂ ਨੂੰ ਸਨਮਾਨਿਤ ਕਰਨ ਦਾ ਮਾਣ ਹਾਸਲ ਹੋਇਆ। ਉਨ੍ਹ੍ਹਾ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।” ਮਾਨ ਨੇ ਕਿਹਾ, ‘ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ, ਜਿਨ੍ਹਾਂ ਆਪਣੀ ਮਿਹਨਤ ਅਤੇ ਲਗਨ ਸਦਕਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦਾ ਨਾਂਅ ਰੌਸ਼ਨ ਕੀਤਾ ਹੈ। ਅਤੀਤ ਵਿੱਚ ਅਜਿਹੇ ਸਮਾਗਮ ਕਦੇ ਨਹੀਂ ਕਰਵਾਏ ਗਏ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ, ਖਾਸ ਕਰਕੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ।’ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ‘ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਲਗਭਗ ਚਾਰ ਲੱਖ ਬੱਚੇ ਫਰਸ਼ ‘ਤੇ ਬੈਠ ਕੇ ਪੜ੍ਹ ਰਹੇ ਸਨ। ਅੱਜ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇੱਕ ਵੀ ਬੱਚਾ ਫਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜਬੂਰ ਨਹੀਂ ਹੈ।’ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾ ਕਿਹਾ, ‘ਦੇਸ਼ ਵਿੱਚ ਪੁਰਾਣੀ ਪ੍ਰੀਖਿਆ ਪ੍ਰਣਾਲੀ ਨੂੰ ਬਦਲਣਾ ਚਾਹੀਦਾ ਹੈ। ਨੀਟ ਵਰਗੀਆਂ ਪ੍ਰੀਖਿਆਵਾਂ ਦੇ ਲੀਕ ਹੋਣ ਵਰਗੀਆਂ ਘਟਨਾਵਾਂ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰ ਰਹੀਆਂ ਹਨ।’