ਐੱਚ ਪੀ ਸੀ ਐੱਲ ਵੱਡਾ ਨਿਵੇਸ਼ ਕਰੇਗੀ

0
1

ਚੰਡੀਗੜ੍ਹ (ਗੁਰਜੀਤ ਬਿੱਲਾ,
ਸੁਰਜੀਤ ਸੁਮਨ, ਕ੍ਰਿਸ਼ਨ ਗਰਗ)
ਐੱਚ ਪੀ ਸੀ ਐੱਲ ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ ‘ਤੇ ਚਾਨਣਾ ਪਾਇਆ। ਮੀਟਿੰਗ ਦੌਰਾਨ ਐੱਚ ਪੀ ਸੀ ਐੱਲ-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਥਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ।ਇਨ੍ਹਾਂ ਪ੍ਰੋਜੈਕਟਾਂ ਨਾਲ ਰੁਜ਼ਗਾਰ ਪੈਦਾ ਹੋਣ, ਪੇਂਡੂ ਆਰਥਿਕਤਾ ਨੂੰ ਮਜ਼ਬੂਤੀ ਮਿਲਣ, ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਣ ਅਤੇ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਹੱਲ ਮਿਲਣ ਦੀ ਉਮੀਦ ਹੈ।ਮੁੱਖ ਮੰਤਰੀ ਨੇ ਕਿਹਾ, ‘ਇਹ ਬਹੁਤ ਉਤਸ਼ਾਹਜਨਕ ਹੈ ਕਿ ਐੱਚ ਪੀ ਸੀ ਐੱਲ ਨੇ ਪੰਜਾਬ ਵਿੱਚ ਰਿਫਾਇਨਰੀ ਅਤੇ ਬਾਇਓਗੈਸ ਵਰਗੇ ਮੁੱਖ ਖੇਤਰਾਂ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ।ਇਹ ਨਿਵੇਸ਼ ਸੂਬੇ ਨੂੰ ਵੱਡਾ ਲਾਭ ਪਹੁੰਚਾਉਣਗੇ।ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਇਹ ਪ੍ਰੋਜੈਕਟ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣਗੇ।’
ਮੁੱਖ ਮੰਤਰੀ ਨੇ ਕਿਹਾ, ‘ਇਹ ਖ਼ੁਸ਼ੀ ਦੀ ਗੱਲ ਹੈ ਕਿ ਐੱਚ ਪੀ ਸੀ ਐੱਲ-ਮਿੱਤਲ ਐਨਰਜੀ ਲਿਮਟਿਡ 2ਜੀ ਤਕਨਾਲੋਜੀ ‘ਤੇ ਕੰਮ ਕਰਕੇ ਬਠਿੰਡਾ ਵਿੱਚ ਆਪਣੇ ਕੰਮਕਾਜ ਦਾ ਹੋਰ ਵਿਸਤਾਰ ਕਰ ਰਹੀ ਹੈ।ਇਸ ਉਪਰਾਲੇ ਵਿੱਚ ਖੇਤੀਬਾੜੀ ਦੀ ਰਹਿੰਦ-ਖੂੰਹਦ ਤੋਂ ਕੀਮਤੀ ਉਤਪਾਦ ਤਿਆਰ ਕਰਦੇ ਹੋਏ ਬਾਇਓਫਿਊਲ ਖੇਤਰ ਨੂੰ ਮਜ਼ਬੂਤ ਕਰਨ ਦੀ ਬੇਹੱਦ ਸੰਭਾਵਨਾ ਹੈ।’
ਉਨ੍ਹਾ ਦੱਸਿਆ ਕਿ ਕੰਪਨੀ ਪੰਜਾਬ ਭਰ ਵਿੱਚ ਦਸ ਬਾਇਓਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜਿਨ੍ਹਾਂ ਵਿੱਚੋਂ ਪੰਜ ਪਹਿਲਾਂ ਹੀ ਚਾਲੂ ਹੋ ਚੁੱਕੇ ਹਨ।