ਚੰਡੀਗੜ੍ਹ, (ਗੁਰਜੀਤ ਬਿੱਲਾ/ ਸੁਰਜੀਤ ਸੁਮਨ/ ਕ੍ਰਿਸ਼ਨ ਗਰਗ)
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਬੁੱਧਵਾਰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।ਉਨ੍ਹਾ ਸੰਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਵਿੱਤ ਮੰਤਰੀ ਨੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਦਰਪੇਸ਼ ਸਾਂਝੇ ਮਸਲਿਆਂ ਨੂੰ ਉਜਾਗਰ ਕੀਤਾ ਗਿਆ।




