ਫੀਸਾਂ ‘ਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

0
12

ਚੰਡੀਗੜ੍ਹ (ਗੁਰਜੀਤ ਬਿੱਲਾ/ਸੁਰਜੀਤ ਸੁਮਨ/ਕ੍ਰਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਲਈ ਕੰਮ ਕਰਨ।ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਵਾਰ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਉਪਾਵਾਂ ਅਤੇ ਇਨ੍ਹਾਂ ਸੰਸਥਾਵਾਂ ਦੇ ਕੰਮ ਕਰਨ ਦੇ ਢੰਗ-ਤਰੀਕੇ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਨ ਦੇ ਹੱਕਦਾਰ ਹਨ।”ਪ੍ਰਸਤਾਵਿਤ ਕਾਨੂੰਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਲਈ ਇੱਕ ਸਖ਼ਤ ਸਾਲਾਨਾ ਫੀਸ ਹੱਦ ਲਾਗੂ ਕਰੇਗੀ। ਇਸ ਨਵੇਂ ਢਾਂਚੇ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਲ ਵਿੱਚ 5 ਫੀਸਦੀ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ।ਇਹ ਕਾਨੂੰਨ ਮਾਪਿਆਂ ਨੂੰ ਪਿਛਲੀ ਤਰੀਕ ਤੋਂ ਰਾਹਤ ਵੀ ਪ੍ਰਦਾਨ ਕਰੇਗਾ। ਕੋਈ ਵੀ ਪ੍ਰਾਈਵੇਟ ਸਕੂਲ, ਜਿਸ ਨੇ ਲਗਾਤਾਰ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਫੀਸਾਂ ਵਿੱਚ 15 ਫੀਸਦੀ ਤੋਂ ਵੱਧ ਵਾਧਾ ਕੀਤਾ ਹੈ, ਉਸ ਨੂੰ ਕਾਨੂੰਨੀ ਤੌਰ ‘ਤੇ ਨਿਰਧਾਰਤ ਸੀਮਾ ਤੋਂ ਵੱਧ ਲਈ ਫੀਸ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ।