ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ,
ਕੰਵਲਜੀਤ ਸਿੰਘ)
ਜੂਨ 1984 ‘ਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਮਾਰੇ ਗਏ ਸਿੱਖ ਮਰਦਾਂ, ਔਰਤਾਂ ਤੇ ਬੱਚਿਆਂ ਦੀ ਯਾਦ ‘ਚ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ।ਇਸ ਮੌਕੇ ਖਾਲਿਸਤਾਨੀ ਨਾਅਰਿਆਂ ਦੀ ਗੂੰਜ ਵੀ ਸੁਣਾਈ ਦਿੰਦੀ ਰਹੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਸਮੇਂ ਦੀ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫੌਜਾਂ, ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਤਾਂ ਇਸ ਘੱਲੂਘਾਰੇ ਦੌਰਾਨ ਹਜ਼ਾਰਾਂ ਸਿੱਖ ਮਾਰੇ ਗਏ। ਇਸ ਦਾ ਦਰਦ ਰਹਿੰਦੀ ਦੁਨੀਆਂ ਤੱਕ ਸਿੱਖ ਹਿਰਦਿਆਂ ‘ਚ ਰਹੇਗਾ। ਅੱਜ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਸਰਬੱਤ ਦੇ ਭਲੇ ਦੇ ਸਿਧਾਂਤ ਉਤੇ ਪਹਿਰਾ ਦਿੰਦਿਆਂ ਅਤੇ ਮਨੁੱਖਤਾ ਦੀ ਸੇਵਾ ਕਰਦਿਆਂ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੈ। ਉਨ੍ਹਾ ਦੇਸ਼-ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਾਡਾ ਘਰ ਹੈ ਅਤੇ ਉਹ ਆਪਣੇ ਬੱਚਿਆਂ ਨੂੰ ਇਸ ਧਰਤੀ ਨਾਲ ਜੋੜੀ ਰੱਖਣ ਲਈ ਸੁਹਿਰਦ ਯਤਨ ਕਰਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਤੋਂ 42 ਸਾਲ ਪਹਿਲਾਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮੇਂ ਦੀ ਕੇਂਦਰ ਸਰਕਾਰ ਨੇ ਸਿੱਖ ਗੁਰਧਾਮਾਂ ‘ਤੇ ਫ਼ੌਜੀ ਹਮਲਾ ਕਰਵਾਇਆ, ਜਿਸ ਵਿਚ ਹਜ਼ਾਰਾਂ ਸਿੱਖ ਮਰਦ, ਔਰਤਾਂ ਤੇ ਬੱਚੇ ਮਾਰੇ ਗਏ। ਇਸ ਦਰਦਨਾਕ ਸਾਕੇ ਨੂੰ ਭੁਲਾਇਆ ਨਹੀਂ ਜਾ ਸਕਦਾ।




