ਸੁਨਾਮ/ਊਧਮ ਸਿੰਘ ਵਾਲਾ (ਅਸ਼ੋਕ ਬਾਂਸਲ, ਹਾਕਮ ਭੱਟੀ)
ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸ਼ਨੀਵਾਰ ਸਥਾਨਕ ਅਨਾਜ ਮੰਡੀ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੂਬੇ ਭਰ ਤੋਂ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਇਸ ਰੈਲੀ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲਿਆ, ਜਿਸ ਨਾਲ ਪ੍ਰਦਰਸ਼ਨਕਾਰੀਆਂ ਦਾ ਇਹ ਪ੍ਰਦਰਸ਼ਨ ਹੋਰ ਮਜ਼ਬੂਤ ਹੋ ਗਿਆ।ਪ੍ਰਦਰਸ਼ਨ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਏਟਕ ਦੇ ਸੂਬਾ ਪ੍ਰਧਾਨ ਬੰਤ ਸਿੰਘ ਬਰਾੜ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਸੇਵਾ ਕੇਂਦਰਾਂ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਇਹਨਾਂ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਇਹ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਮਹਿੰਗਾਈ ਦੇ ਯੁੱਗ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਨ ਲਈ ਮਜਬੂਰ ਹਨ, ਜਿਸ ਨਾਲ ਇਹਨਾਂ ਮੁਲਾਜ਼ਮਾਂ ਵੱਲੋਂ ਆਪਣੇ ਪਰਵਾਰਾਂ ਦਾ ਪਾਲਣ-ਪੋਸ਼ਣ ਅਤੇ ਗੁਜ਼ਾਰਾ ਕਰਨਾ ਅਤਿ ਮੁਸ਼ਕਿਲ ਹੈ। ਉਹਨਾਂ ਕਿਹਾ ਕਿ ਇਹਨਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਹਨਾਂ ਨੂੰ ਠੇਕੇਦਾਰੀ ਸਿਸਟਮ ਵਿੱਚੋਂ ਕੱਢ ਕੇ ਪੱਕਾ ਕਰਦੇ ਹੋਏ ਸਰਕਾਰੀ ਮੁਲਾਜ਼ਮ ਬਣਾਇਆ ਜਾਵੇ ਅਤੇ ਉਹਨਾਂ ਨੂੰ ਹੋਰ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਾਂਗ ਤਨਖਾਹਾਂ ਅਦਾ ਕੀਤੀਆਂ ਜਾਣ, ਤਾਂ ਜੋ ਉਹ ਵੀ ਆਪਣੇ ਪਰਵਾਰਾਂ ਦਾ ਪਾਲਣ-ਪੋਸ਼ਣ ਵਧੀਆ ਢੰਗ ਨਾਲ ਕਰ ਸਕਣ। ਉਹਨਾ ਕਿਹਾ ਕਿ ਪ੍ਰਦਰਸ਼ਨ ਕਰਨ ਆਏ ਇਹਨਾਂ ਮੁਲਾਜ਼ਮਾਂ ਵਿੱਚੋਂ ਸੈਂਕੜਿਆਂ ਦੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਪੁਲਸ ਪ੍ਰਸ਼ਾਸ਼ਨ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਸਮਾਜ ਦੇ ਹਰ ਵਿਅਕਤੀ ਦਾ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਸੰਵਿਧਾਨਿਕ ਅਧਿਕਾਰ ਹੈ । ਸਮੇਂ-ਸਮੇਂ ਦੀਆਂ ਸਰਕਾਰਾਂ ਆਪਣਾ ਹੱਕ ਮੰਗਦੇ ਸੰਘਰਸ਼ਕਾਰੀਆਂ ਉਤੇ ਤਸ਼ੱਦਦ ਕਰਦੀਆਂ ਆਈਆਂ ਹਨ, ਜਦ ਕਿ ਇਸ ਤਸ਼ੱਦਦ ਨਾਲ ਸੰਘਰਸ਼ਕਾਰੀਆਂ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਹਨਾ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਅਧੀਨ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਣਾ ਚਾਹੀਦਾ ਹੈ ਅਤੇ ਅੱਜ ਉਹ ਇਹਨਾਂ ਮੁਲਾਜ਼ਮਾਂ ਦੇ ਸਮਰਥਨ ਵਿੱਚ ਆਏ ਹਨ।





