ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਵਾਧੇ ਦਾ ਤਿੱਖਾ ਵਿਰੋਧ

0
12

ਚੰਡੀਗੜ੍ਹ : ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਘਰੇਲੂ ਐੱਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦਾ ਵਾਧਾ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾ ਕਿਹਾ ਕਿ ਇਹ ਦੇਸ਼ ਦੀ ਆਮ ਜਨਤਾ ਉੱਤੇ ਮਹਿੰਗਾਈ ਦਾ ਇੱਕ ਹੋਰ ਨਿਰਦਈ ਅਤੇ ਅਸਹਿਣਯੋਗ ਹਮਲਾ ਹੈ। ਚੋਣਾਂ ਦੌਰਾਨ ਸੌ ਦਿਨਾਂ ਵਿੱਚ ਮਹਿੰਗਾਈ ‘ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਰਾਹਤ ਦੇਣ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਭਾਜਪਾ ਸਰਕਾਰ ਅੱਜ ਹਰ ਘਰ ਦਾ ਬਜਟ ਤਬਾਹ ਕਰਨ ‘ਤੇ ਤੁਲੀ ਹੋਈ ਹੈ। ਲੱਕੀ ਨੇ ਆਖਿਆ ਕਿ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਸ ਨੂੰ ਦੇਸ਼ ਦੇ ਗਰੀਬ, ਮੱਧ ਵਰਗ ਅਤੇ ਘਰੇਲੂ ਔਰਤਾਂ ਦੀਆਂ ਮੁਸ਼ਕਲਾਂ ਨਾਲ ਕੋਈ ਸਰੋਕਾਰ ਨਹੀਂ। ਉਨ੍ਹਾ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਸੜਕ ਤੋਂ ਲੈ ਕੇ ਸਦਨ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਜਨਤਾ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ।