355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ (ਗੁਰਜੀਤ ਬਿੱਲਾ, ਸੁਰਜੀਤ ਸੁਮਨ, ਕ੍ਰਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾ ਕਿਹਾ ਕਿ ਇਸ ਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਨਹੀਂ ਆਇਆ।
ਉਨ੍ਹਾ ਹੁਨਰਮੰਦ ਨੌਜਵਾਨਾਂ ਦੀ ਹਿਜਰਤ ਦੇ ਰੁਝਾਨ ਨੂੰ ਪੁੱਠਾ ਗੇੜ ਪੈਣ, 65,000 ਠੇਕਾ ਕਰਮਚਾਰੀਆਂ ਲਈ ਰੈਗੂਲਰ ਨੌਕਰੀ ਦਾ ਰਾਹ ਖੋਲ੍ਹਣ, 25 ਨਵੀਂਆਂ ਆਈ ਟੀ ਆਈਜ਼ ਅਤੇ 13 ਮੌਜੂਦਾ ਆਈ ਟੀ ਆਈਜ਼ ਸੰਸਥਾਵਾਂ ਦੇ ਅਪਗ੍ਰੇਡੇਸ਼ਨ ਰਾਹੀਂ ਹੁਨਰ ਵਿਕਾਸ ਵਿੱਚ ਵੱਡੇ ਨਿਵੇਸ਼ ਵੱਲ ਇਸ਼ਾਰਾ ਕਰਦਿਆਂ ਉਨ੍ਹਾ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾਉਣ ਵਾਸਤੇ ਉਨ੍ਹਾਂ ਨੂੰ ਵਿਸ਼ਵਾਸ ਨਾਲ ਭਰਨ, ਢੁਕਵੇਂ ਮੌਕੇ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।
ਤਕਨੀਕੀ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੈਨੀਟੇਸ਼ਨ, ਪਸ਼ੂ ਪਾਲਣ, ਲੋਕ ਨਿਰਮਾਣ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਹੋਰ ਵਿਭਾਗਾਂ ਵਿੱਚ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਚੰਗੇ ਸ਼ਾਸਨ ਰਾਹੀਂ ਸਸ਼ਕਤ ਬਣਾਉਣ ਦੇ ਚੱਲ ਰਹੇ ਮਿਸ਼ਨ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ।ਉਨ੍ਹਾ ਕਿਹਾ—2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ ਲਗਭਗ 93 ਪ੍ਰੀਖਿਆ ਪੇਪਰ ਲੀਕ ਹੋਣ ਦੀ ਰਿਪੋਰਟ ਮਿਲੀ ਹੈ। ਨੀਟ ਸਮੇਤ ਪ੍ਰਮੁੱਖ ਪ੍ਰੀਖਿਆਵਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਨੇ ਲੱਖਾਂ ਨੌਜਵਾਨਾਂ ਨੂੰ ਨਿਰਾਸ਼ ਕੀਤਾ ਹੈ। ਹਾਲਾਂਕਿ, 2022 ਵਿੱਚ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਹੋਣ ਦੀ ਘਟਨਾ ਸਾਹਮਣੇ ਨਹੀਂ ਆਈ। ਇਸ ਦਾ ਕਾਰਨ ਇਹ ਹੈ ਕਿ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਕੰਮ ਕਰ ਰਹੀ ਹੈ। ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਆਧਾਰ ‘ਤੇ ਨੌਕਰੀਆਂ ਅਤੇ ਮੌਕੇ ਮਿਲ ਰਹੇ ਹਨ।”





