ਬਰਾਬਰ ਅੰਕ ‘ਤੇ ਬਰਾਬਰ ਰੈਂਕ ਦੇਣ ਦਾ ਫੈਸਲਾ

0
14


ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ ਐੱਸ ਈ ਬੀ) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ।ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਵਾਇਤ ਖ਼ਤਮ ਹੋ ਜਾਵੇਗੀ।ਇਹ ਅਹਿਮ ਫੈਸਲਾ ਮੰਗਲਵਾਰ ਪੀ ਐਸ ਈ ਬੀ ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ।31 ਮਈ ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ ‘ਸਿਤਾਰੇ ਜ਼ਮੀਨ ‘ਤੇ’ ਦੌਰਾਨ ਕੁਝ ਵਿਦਿਆਰਥੀਆਂ ਨੇ ਇਹ ਨੁਕਤਾ ਚੁੱਕਿਆ ਸੀ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ ‘ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ।ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ।