ਪੁਣੇ (ਨ ਜ਼ ਸ)- ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਬੁੱਧਵਾਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਦੁਹਰਾਉਂਦਿਆਂ ਦੋਸ਼ ਲਾਇਆ ਕਿ ਪ੍ਰੀਖਿਆਵਾਂ ਵਿੱਚ ਵਾਰ-ਵਾਰ ਬੇਨੇਮੀਆਂ ਨੇ ਦੇਸ਼-ਭਰ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਪ੍ਰਭਾਵਤ ਕੀਤਾ ਹੈ।
ਉਸ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਹੁਣ ਵਿਦਿਆਰਥੀਆਂ ਨੂੰ ਪ੍ਰਭਾਵਤ ਕਰਨ ਵਾਲੇ ਮੁੱਦਿਆਂ ‘ਤੇ ਚੁੱਪ ਰਹਿਣ ਲਈ ਤਿਆਰ ਨਹੀਂ ਹਨ ਅਤੇ ਜੇ ਸਿੱਖਿਆ ਮੰਤਰੀ ਅਸਤੀਫਾ ਨਹੀਂ ਦਿੰਦੇ ਹਨ ਤਾਂ ਦੇਸ਼ਵਿਆਪੀ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਹ ਦਾਅਵਾ ਕਰਦੇ ਹੋਏ ਕਿ ਪ੍ਰੀਖਿਆਵਾਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਇੱਕ ਕਰੋੜ ਤੋਂ ਵੱਧ ਵਿਦਿਆਰਥੀਆਂ ਨੂੰ ਨੁਕਸਾਨ ਝੱਲਣਾ ਪਿਆ ਹੈ, ਦੀਪਕੇ ਨੇ ਕਿਹਾ ਕਿ ਕੋਈ ਵੀ ਸਥਿਤੀ ਦੀ ਜ਼ਿੰਮੇਵਾਰੀ ਲੈਣ ਲਈ ਤਿਆਰ ਨਹੀਂ ਹੈ। ਦੀਪਕੇ ਨੇ ਕਿਹਾ, ”ਜੇ ਸਿੱਖਿਆ ਮੰਤਰੀ ਅਸਤੀਫਾ ਨਹੀਂ ਦਿੰਦੇ ਤਾਂ ਅਸੀਂ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਾਂਗੇ। ਇਹ ਪੁਣੇ ਤੋਂ ਸ਼ੁਰੂ ਹੋਵੇਗਾ। ਅਸੀਂ ਵੀਰਵਾਰ (11 ਜੂਨ) ਨੂੰ ਸ਼ਾਮ 4 ਵਜੇ ਪੁਣੇ ਵਿੱਚ ਇੱਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਾਂਗੇ। ਇਸ ਤੋਂ ਬਾਅਦ, ਲਖਨਊ, ਅੰਮ੍ਰਿਤਸਰ, ਜੈਪੁਰ ਅਤੇ ਬੇਂਗਲੁਰੂ ਵਿੱਚ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।” ਉਸ ਨੇ ਕਿਹਾ ਕਿ ਜੇ ਪ੍ਰਧਾਨ ਨੇ ਅਹੁਦਾ ਨਹੀਂ ਛੱਡਿਆ ਤਾਂ ਦੇਸ਼-ਭਰ ਦੇ ਨੌਜਵਾਨ 20 ਜੂਨ ਨੂੰ ਦਿੱਲੀ ਵਿੱਚ ਇਕੱਠੇ ਹੋਣਗੇ।



