ਚੰਡੀਗੜ੍ਹ : ਸਿਟੀ ਬਿਊਟੀਫੁੱਲ ਦੇ ਸੈਕਟਰ 11 ਸਥਿਤ ਪ੍ਰਸਿੱਧ ਮੈਡੀਕਲ ਸਟੋਰ ‘ਸ੍ਰੀ ਕੁਮਾਰ ਮੈਡੀਕੋਜ਼’ ‘ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਦੋ ਨਕਾਬਪੋਸ਼ ਹਮਲਾਵਰਾਂ ਨੇ ਕੈਸ਼ੀਅਰ ‘ਤੇ ਆਟੋਮੈਟਿਕ ਹਥਿਆਰ ਨਾਲ ਤਾਬੜਤੋੜ ਕਈ ਰੌਂਦ ਫਾਇਰ ਕੀਤੇ। ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮੈਡੀਕਲ ਸਟੋਰ ਦੇ ਕੈਸ਼ੀਅਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਾਨਕੀ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਉੱਥੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਰਿਹਾ ਸੀ। ਇਹ ਖ਼ੂਨੀ ਵਾਰਦਾਤ ਦੁਪਹਿਰ ਕਰੀਬ 3 ਵਜੇ ਵਾਪਰੀ। ਐਕਟਿਵਾ ‘ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਜਾਨਕੀ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਕਰੀਬ 16 ਰੌਂਦ ਫਾਇਰ ਕੀਤੇ, ਜਾਨਕੀ ਨੂੰ ਕਈ ਗੋਲੀਆਂ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਖ਼ੂਨ ਨਾਲ ਲਹੂ-ਲੁਹਾਨ ਹੋਏ ਜਾਨਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।





