ਮੁਹਾਲੀ : ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਅਧਿਆਪਕ ਮੰਗਲਵਾਰ ਅੱਧੀ ਰਾਤੇ ਅਚਾਨਕ ਮੁਹਾਲੀ ਏਅਰਪੋਰਟ ਸੜਕ ’ਤੇ ਸਥਿਤ ਪਿੰਡ ਸੋਹਾਣਾ ਦੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਅਤੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਬੇਰੁਜ਼ਗਾਰ ਅਧਿਆਪਕ ਸਿੱਪੀ ਸ਼ਰਮਾ ਅਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ ਟੀ ਆਈ 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸੋਹਾਣਾ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਪੈਟਰੋਲ ਦੀਆਂ ਬੋਤਲਾਂ ਨਾਲ ਪ੍ਰਦਰਸ਼ਨ ਕਰ ਰਹੀਆਂ ਸਨ, ਜਦੋਂਕਿ ਉਨ੍ਹਾਂ ਦੇ ਸਾਥੀ ਟੈਂਕੀ ਦੇ ਥੱਲੇ ਧਰਨਾ ਲਗਾ ਕੇ ਪ੍ਰਦਰਸ਼ਨ ਕਰ ਰਹੇ ਸਨ। ਕਾਂਗਰਸ ਸਰਕਾਰ ਦੌਰਾਨ ਬੇਰੁਜ਼ਗਾਰ ਅਧਿਆਪਕ, ਈ ਟੀ ਟੀ ਅਧਿਆਪਕ ਅਤੇ ਟੈੱਟ ਪਾਸ ਉਮੀਦਵਾਰ ਸਮੇਤ ਹੋਰ ਜਥੇਬੰਦੀਆਂ ਦੇ ਮੈਂਬਰ ਪਾਣੀ ਦੀ ਟੈਂਕੀ ’ਤੇ ਚੜ੍ਹਦੇ ਰਹੇ ਹਨ। ਹਾਲਾਂਕਿ ਉਦੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਮੱਸਿਆ ਦੇ ਹੱਲ ਲਈ ਟੈਂਕੀ ’ਤੇ ਚੜ੍ਹਨ ਵਾਲੀਆਂ ਪੌੜੀਆਂ ਨੂੰ ਅੱਧ-ਵਿਚਕਾਰੋਂ ਤੋੜ ਦਿੱਤਾ ਸੀ, ਪਰ ਇਥੇ ਬੇਰੁਜ਼ਗਾਰ ਅਧਿਆਪਕ ਲੱਕੜ ਦੀ ਪੌੜੀ ਜੋੜ ਕੇ ਪਾਣੀ ਦੀ ਟੈਂਕੀ ਉੱਤੇ ਚੜ੍ਹਨ ’ਚ ਸਫਲ ਹੋ ਗਏ। ਸਾਲ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਇਸੇ ਪਾਣੀ ਵਾਲੀ ਟੈਂਕੀ ਤੋਂ ਇਹ ਭਰੋਸਾ ਦੇ ਕੇ ਥੱਲੇ ਉਤਾਰਿਆ ਸੀ ਕਿ ਪੰਜਾਬ ’ਚ ਆਪ ਦੀ ਸਰਕਾਰ ਬਣਨ ਉਪਰੰਤ ਪਹਿਲ ਦੇ ਆਧਾਰ ’ਤੇ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ। ਉਸ ਸਮੇਂ ਪਾਣੀ ਵਾਲੀ ਟੈਂਕੀ ਉੱਤੇ ਚੜ੍ਹੀ ਸਿੱਪੀ ਸ਼ਰਮਾ ਨੂੰ ਅਰਵਿੰਦ ਕੇਜਰੀਵਾਲ ਨੇ ਆਪਣੀ ਛੋਟੀ ਭੈਣ ਦੱਸਦਿਆਂ ਇਹ ਦਾਅਵਾ ਕੀਤਾ ਸੀ ਕਿ ਪੰਜਾਬ ’ਚ ਆਪ ਸਰਕਾਰ ਬਣਨ ’ਤੇ ਕਿਸੇ ਮੁਲਾਜ਼ਮ ਜਥੇਬੰਦੀ ਜਾਂ ਆਮ ਨਾਗਰਿਕਾਂ ਨੂੰ ਇਨਸਾਫ਼ ਲਈ ਧਰਨਿਆਂ-ਮੁਜ਼ਾਹਰਿਆਂ ਦੀ ਲੋੜ ਨਹੀਂ ਰਹੇਗੀ, ਸਭ ਨੂੰ ਸਮੇਂ ਸਿਰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਵੇਗਾ, ਪਰ ਜਿਸ ਦਿਨ ਤੋਂ ਆਪ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਸੂਬੇ ’ਚ ਲੜੀਵਾਰ ਧਰਨੇ ਚੱਲ ਰਹੇ ਹਨ।