ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ

0
8

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ।
ਸੋਮਵਾਰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਗੀਰ।ਉਹਨਾ ਕਿਹਾ ਕਿ ਜਥੇਦਾਰ ਸਾਹਿਬ ਨੂੰ ਅੱਧੀ ਰਾਤ ਨੂੰ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਬਿਨਾਂ ਕਿਸੇ ਸਿੱਖ ਸੰਪਰਦਾ ਜਾਂ ਜਥੇਬੰਦੀ ਦੀ ਰਾਇ ਲਏ ਇੱਕ ਅਜਿਹੀ ਜਗ੍ਹਾ ‘ਤੇ ਜਥੇਦਾਰ ਥਾਪ ਦਿੱਤਾ ਗਿਆ ਸੀ, ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੱਕ ਨਹੀਂ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਖੁਦ ਨੂੰ ਸੁਖਬੀਰ ਬਾਦਲ ਦਾ ਸਿਪਾਹੀ ਦੱਸਣਾ, ਇਹਨਾਂ ਮਹਾਨ ਸਿੱਖ ਸੰਸਥਾਵਾਂ ਦੇ ਸਿਆਸੀਕਰਨ ਦਾ ਜਿਉਂਦਾ-ਜਾਗਦਾ ਸਬੂਤ ਹੈ।
ਬਲਤੇਜ ਪੰਨੂ ਨੇ ਜਥੇਦਾਰ ਵੱਲੋਂ ਜਾਰੀ ਕੀਤੀ ਗਈ ਕਥਿਤ ਫੋਰੈਂਸਿਕ ਰਿਪੋਰਟ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਰਿਪੋਰਟ ਵਿੱਚ ਕਿਤੇ ਵੀ ਇਹ ਨਹੀਂ ਲਿਖਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਕੌਣ ਹੈ। ਉਹਨਾ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਤੁਹਾਡੀ ਰਿਪੋਰਟ ਮੰਨ ਵੀ ਲਈਏ ਕਿ ਵੀਡੀਓ (ਏ ਆਈ) ਨਾਲ ਨਹੀਂ ਬਣੀ, ਤਾਂ ਜਥੇਦਾਰ ਸਾਹਿਬ ਇਹ ਦੱਸਣ ਕਿ ਉਸ ਵੀਡੀਓ ਵਿੱਚ ਦਿਖ ਰਹੇ ਵਿਅਕਤੀ ਦਾ ਕੱਦ ਕਿੰਨਾ ਹੈ? ਜਿਸ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੁਸੀਂ ਉਂਗਲ ਚੁੱਕ ਰਹੇ ਹੋ, ਕੀ ਉਹਨਾ ਦਾ ਕੱਦ ਅਤੇ ਵੀਡੀਓ ਵਾਲੇ ਵਿਅਕਤੀ ਦਾ ਕੱਦ ਮੇਲ ਖਾਂਦਾ ਹੈ? ਉਹ ਕਿਹੜਾ ਹੋਟਲ ਦਾ ਕਮਰਾ ਹੈ, ਜਿੱਥੇ ਗੁਰੂ ਸਾਹਿਬ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਜਿਵੇਂ ਕਿ ਦਾਅਵਾ ਕੀਤਾ ਜਾ ਰਿਹਾ ਹੈ? ਰਿਪੋਰਟ ਇਹ ਦੱਸਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ ਕਿ ਵੀਡੀਓ ਵਿੱਚ ਅਸਲ ਵਿੱਚ ਕੌਣ ਹੈ। ਪੰਨੂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਇਸ ਪੂਰੇ ਮਾਮਲੇ ਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜਨਤਾ ਦੇ ਸਾਹਮਣੇ ਕਰਕੇ ਰਹੇਗੀ।ਅਕਾਲੀ ਦਲ ਦੇ ਇਤਿਹਾਸ ਨੂੰ ਕਾਲੇ ਪੰਨਿਆਂ ਨਾਲ ਭਰਿਆ ਦੱਸਦਿਆਂ ਪੰਨੂ ਨੇ ਕਿਹਾ ਕਿ ਸਾਲ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਚੋਰੀ ਹੋਈ, ਸਿੱਖਾਂ ਨੂੰ ਭੱਦੀ ਭਾਸ਼ਾ ਵਿੱਚ ਪੋਸਟਰ ਲਗਾ ਕੇ ਚੈਲੰਜ ਕੀਤਾ ਗਿਆ ਅਤੇ ਅਕਤੂਬਰ ਮਹੀਨੇ ਵਿੱਚ ਗੁਰੂ ਸਾਹਿਬ ਦੇ ਅੰਗ ਕੂੜੇ ਦੇ ਢੇਰਾਂ ਵਿੱਚ ਰੋਲੇ ਗਏ।
ਉਸ ਸਮੇਂ ਪੰਥਕ ਮੁਖੌਟਾ ਪਹਿਨ ਕੇ ਵਾਰ-ਵਾਰ ਸਰਕਾਰ ਬਣਾਉਣ ਵਾਲੇ ਸੁਖਬੀਰ ਬਾਦਲ ਅਤੇ ਉਹਨਾ ਦੇ ਲੋਕ ਸੁੱਤੇ ਰਹੇ। ਉਹਨਾਂ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਦਬਾਇਆ, ਗਵਾਹਾਂ ਨੂੰ ਪੁਲਸ ਨੌਕਰੀਆਂ ਦੇ ਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਇੱਕ-ਦੋ ਰੁਪਏ ਵਿੱਚ ਰੱਦੀ ਦੇ ਭਾਅ ਵੇਚਿਆ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਸਬੂਤ ਮਿਟਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਅੱਜ ਸੁਖਬੀਰ ਬਾਦਲ, ਸੁਮੇਧ ਸੈਣੀ ਅਤੇ ਉਮਰਾਨੰਗਲ ਵਰਗੇ ਲੋਕ ਅਦਾਲਤ ਤੋਂ ਜ਼ਮਾਨਤ ‘ਤੇ ਬਾਹਰ ਘੁੰਮ ਰਹੇ ਹਨ। ਇਹਨਾਂ ਨੂੰ ਡਰ ਹੈ ਕਿ ਬਹਿਬਲ ਕਲਾਂ ਦੀ ਜਾਂਚ ਵੀ ਜਲਦੀ ਹੀ ਇਹਨਾਂ ਦੇ ਗਲੇ ਦੀ ਫ਼ਾਹੀ ਬਣਨ ਵਾਲੀ ਹੈ।ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੂੰ ਸਭ ਤੋਂ ਵੱਡੀ ਤਕਲੀਫ਼ ਇਸ ਗੱਲ ਦੀ ਹੈ ਕਿ ਜਿਸ ਭਗਵੰਤ ਮਾਨ ਨੂੰ ਉਹ ਹਮੇਸ਼ਾ ਬਦਨਾਮ ਕਰਦੇ ਸਨ, ਉਸੇ ਮਾਨ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ‘ਸਤਿਕਾਰ ਐਕਟ’ ਵਿੱਚ ਇਤਿਹਾਸਕ ਸੋਧ ਕਰਕੇ ਸਖ਼ਤ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਬੇਅਦਬੀ ਕਰਨ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ।ਇਹ ਐਕਟ ਪਾਸ ਵੀ ਹੋਇਆ ਅਤੇ ਰਾਜਪਾਲ ਦੇ ਦਸਤਖਤਾਂ ਤੋਂ ਬਾਅਦ ਲਾਗੂ ਵੀ ਹੋ ਗਿਆ। ਜਿਹੜਾ ਬਾਦਲ ਪਰਵਾਰ ਖੁਦ ਨੂੰ ਪੰਥ ਦਾ ਠੇਕੇਦਾਰ ਸਮਝਦਾ ਸੀ ਅਤੇ ਜਿਸ ਨੇ 2007 ਤੋਂ 2017 ਦੇ ਦਰਮਿਆਨ ਪੰਜਾਬ ਦੀ ਇੱਕ ਪੂਰੀ ਪੀੜ੍ਹੀ ਨੂੰ ਚਿੱਟੇ (ਨਸ਼ੇ) ਦੀ ਅੱਗ ਵਿੱਚ ਝੋਕ ਦਿੱਤਾ, ਅੱਜ ਉਹ ਗੁਰੂ ਨਾਨਕ ਦੇਵ ਜੀ ਦੀ ਧਰਤੀ ‘ਤੇ ਬਣੇ ਇਸ ਸਖ਼ਤ ਕਾਨੂੰਨ ਨੂੰ ਪਚਾ ਨਹੀਂ ਪਾ ਰਹੇ। ਇਸੇ ਬੁਖਲਾਹਟ ਵਿੱਚ ਉਹਨਾ ਹੁਣ ਰਾਜਨੀਤੀ ਦਾ ਆਪਣਾ ਆਖਰੀ ਪੱਤਾ ਖੇਡਦਿਆਂ ਬਦਕਿਸਮਤੀ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਮੋਹਰਾ ਬਣਾ ਕੇ ਮੈਦਾਨ ਵਿੱਚ ਉਤਾਰ ਦਿੱਤਾ ਹੈ, ਪਰ ਪੰਜਾਬ ਦੀ ਸਮਝਦਾਰ ਜਨਤਾ ਉਹਨਾਂ ਦੇ ਇਹਨਾਂ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।