ਚੰਡੀਗੜ੍ਹ (ਗੁਰਜੀਤ ਬਿੱਲਾ/
ਸੁਰਜੀਤ ਸੁਮਨ/ਕ੍ਰਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਯੂ ਪੀ ਐੱਸ ਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) 2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ੍ਹ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ ਕਰ ਰਹੇ ਹਨ।ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾ ਕਿਹਾ ਕਿ ਇਹ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਇਸ ਗੱਲ ਦਾ ਵੀ ਪ੍ਰਮਾਣ ਹਨ ਕਿ ਬਰਾਬਰ ਮੌਕੇ ਧੀਆਂ ਨੂੰ ਹਰ ਖੇਤਰ ਵਿੱਚ ਉਤਮਤਾ ਪ੍ਰਾਪਤ ਕਰਨ ਯੋਗ ਬਣਾਉਂਦੇ ਹਨ। ਵਿਦਿਅਕ ਸੁਧਾਰਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਸੂਬਾ ਸਰਕਾਰ ਦਾ ਸੁਪਨਾ ਪੰਜਾਬ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਲੋਕ ਸੇਵਾ ਦੇ ਉੱਚ ਤੇ ਵੱਕਾਰੀ ਅਹੁਦਿਆਂ ‘ਤੇ ਪਹੁੰਚਦੇ ਦੇਖਣਾ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਅਧਿਕਾਰੀ ਆਪਣੇ ਅਹੁਦਿਆਂ ਦੀ ਵਰਤੋਂ ਲੋਕਾਂ ਦੀ ਸੇਵਾ ਲਈ ਕਰਨਗੇ। ਉਨ੍ਹਾ ਕਿਹਾ ਕਿ ਉਨ੍ਹਾ ਨੂੰ ਜਨਤਕ ਸੇਵਾ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।




