ਮਹਿਲਾ ਮੁਲਾਜ਼ਮਾਂ ਦੀ ਘਰ ਦੇ ਨੇੜੇ ਹੀ ਹੋਵੇਗੀ ਤਾਇਨਾਤੀ : ਮਾਨ

0
6

ਮੁਹਾਲੀ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਸੀ ਅਤੇ ਡੀ ਸ਼੍ਰੇਣੀ ਦੀਆਂ ਅਸਾਮੀਆਂ ਉੱਤੇ ਨਿਯੁਕਤ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਘੇਰੇ ਤੋਂ ਬਾਹਰ ਤਾਇਨਾਤ ਨਹੀਂ ਕੀਤਾ ਜਾਵੇਗਾ।
ਉਨ੍ਹਾ ਕਿਹਾ ਕਿ ਇਨ੍ਹਾਂ ਸ਼੍ਰੇਣੀਆਂ ਦਾ ਹਰ ਕਰਮਚਾਰੀ ਛੁੱਟੀ ਹੋਣ ਤੋਂ ਇੱਕ ਘੰਟੇ ਬਾਅਦ ਆਪਣੇ ਪਰਵਾਰ ਵਿੱਚ ਸ਼ਾਮਲ ਹੋਵੇ, ਅਜਿਹਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾ ਕਿਹਾ ਕਿ ਇਸ ਸੰਬੰਧੀ ਯੋਜਨਾ ਪੰਜਾਬ ਸਰਕਾਰ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਐਲਾਨ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸ਼੍ਰੇਣੀਆਂ ਵਿੱਚ ਅਧਿਆਪਕ, ਸਿਹਤ ਕਰਮਚਾਰੀ, ਪੁਲਸ ਵਿਭਾਗ ਦੇ ਕਰਮਚਾਰੀ ਅਤੇ ਸੀ ਅਤੇ ਡੀ ਗਰੇਡ ਦੇ ਵੱਖ-ਵੱਖ ਵਿਭਾਗਾਂ ਦੇ ਹੋਰ ਕਰਮਚਾਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਣਵਿਆਹੀਆਂ ਲੜਕੀਆਂ ਨੂੰ ਉਨ੍ਹਾਂ ਦੇ ਘਰ ਤੋਂ 40 ਕਿਲੋਮੀਟਰ ਦੇ ਅੰਦਰ ਘੇਰੇ ਵਿੱਚ ਜਿਹੜਾ ਕਿ ਘੱਟ ਤੋਂ ਘੱਟ ਪੰਜ ਤੋਂ 10 ਕਿਲੋਮੀਟਰ ਵੀ ਹੋ ਸਕਦਾ ਹੈ, ਨੌਕਰੀ ‘ਤੇ ਤੈਨਾਤ ਕੀਤਾ ਜਾਵੇਗਾ। ਵਿਆਹੀਆਂ ਹੋਈਆਂ ਲੜਕੀਆਂ ਨੂੰ ਉਨ੍ਹਾਂ ਦੇ ਸਹੁਰੇ ਘਰਾਂ ਤੋਂ 40 ਕਿਲੋਮੀਟਰ ਦੇ ਅੰਦਰ ਨੌਕਰੀ ‘ਤੇ ਨਿਯੁਕਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿੰਨ ਸਾਲ ਦਾ ਪ੍ਰੋਬੇਸ਼ਨਲ ਪੀਰੀਅਡ ਸਮਾਪਤ ਹੋਣ ਤੋਂ ਬਾਅਦ ਕਰਮਚਾਰੀ ਇਸ ਸਕੀਮ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਮੰਗਲਵਾਰ ਨੂੰ ਮੁਹਾਲੀ ਦੇ ਫੇਜ਼ ਅੱਠ ਦੇ ਵਿਕਾਸ ਭਵਨ ਵਿਖੇ ਸਿਹਤ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 523 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ।