ਸੁਖਬੀਰ ਵੱਲੋਂ ਧਰਮ ਯੁੱਧ ਮੋਰਚੇ ਦੀ ਚੇਤਾਵਨੀ

0
10

ਚੰਡੀਗੜ੍ਹ (ਨ ਜ਼ ਸ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਪੰਥ ਦੋਖੀ ਕਰਾਰ ਦਿੱਤਾ ਹੈ, ਜਿਸ ਲਈ ਉਸ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾਵੇਗਾ। ਉਨ੍ਹਾ ‘ਆਪ’ ਨੂੰ ਚਿਤਾਵਨੀ ਦਿੱਤੀ ਕਿ ਜੇ ‘ਆਪ’ ਨੇ ਇਕ ਮਹੀਨੇ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਨਾ ਹਟਾਇਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਲਈ ਸਾਰੀਆਂ ਸਿੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾ ਕਿਹਾ ਕਿ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਭਗਵੰਤ ਮਾਨ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।
ਉਨ੍ਹਾ ਕਿਹਾ ਕਿ ਇੱਕ ਸਾਲ ਤੋਂ ਜਨਤਕ ਖੇਤਰ ਵਿੱਚ ਮੌਜੂਦ ਵੀਡੀਓ ਬਿਲਕੁਲ ਸੱਚੀ ਹੈ। ਉਨ੍ਹਾ ਦਾਅਵਾ ਕੀਤਾ ਕਿ ਪਹਿਲਾਂ ਮੁੱਖ ਮੰਤਰੀ ਨੇ ਇਸ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਨਾਲ ਤਿਆਰ ਕੀਤੀ ਫਰਜ਼ੀ ਵੀਡੀਓ ਦੱਸਿਆ ਸੀ, ਪਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦੇਸ਼ ਦੀਆਂ ਦੋ ਪ੍ਰਮੁੱਖ ਫੋਰੈਂਸਿਕ ਲੈਬਾਰਟਰੀਆਂ ਤੋਂ ਕਰਵਾਈ ਗਈ ਜਾਂਚ ਵਿੱਚ ਇਸ ਵੀਡੀਓ ਦੇ ਅਸਲੀ ਹੋਣ ਦੀ ਪੁਸ਼ਟੀ ਹੋਈ ਹੈ, ਪਰ ਮੁੱਖ ਮੰਤਰੀ ਦੋ ਲੈਬਾਰਟਰੀਆਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਦਾਅਵਾ ਕਰ ਰਹੇ ਹਨ ਕਿ ਵੀਡੀਓ ਵਿੱਚ ਉਹ ਨਹੀਂ ਹਨ। ਉਨ੍ਹਾ ਸਵਾਲ ਚੁੱਕਿਆ ਕਿ ਜੇ ਮੁੱਖ ਮੰਤਰੀ ਬੇਕਸੂਰ ਸਨ ਤਾਂ ਉਨ੍ਹਾ ਚੰਡੀਗੜ੍ਹ ਸਥਿਤ ਕੇਂਦਰੀ ਫੋਰੈਂਸਿਕ ਲੈਬਾਰਟਰੀ ਤੋਂ ਇਸ ਦੀ ਜਾਂਚ ਕਿਉਂ ਨਹੀਂ ਕਰਵਾਈ? ਉਨ੍ਹਾ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀ ਬੇਗੁਨਾਹੀ ਸਾਬਤ ਕਰਨ ਲਈ ‘ਲਾਈ ਡਿਟੈਕਟਰ ਟੈਸਟ’ ਕਰਾਉਣ।