ਡੀ ਜੀ ਪੀ ਨੂੰ ਮਿਲਣ ਪੁੱਜਾ ‘ਆਪ’ ਵਫਦ

0
8

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਇੱਕ ਵਫ਼ਦ ਡੀ ਜੀ ਪੀ ਦਫ਼ਤਰ ਪਹੁੰਚਿਆ। ਉੱਥੇ ਵਫ਼ਦ ਨੇ ਡੀ ਜੀ ਪੀ ਦੀ ਤਰਫ਼ੋਂ ਏ ਡੀ ਜੀ ਪੀ (ਕਾਨੂੰਨ ਤੇ ਵਿਵਸਥਾ) ਪਰਵੀਨ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੀ ਵੀਡੀਓ ਨੂੰ ਫ਼ਰਜ਼ੀ ਕਰਾਰ ਦਿੱਤਾ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਅਤੇ ਬਲਤੇਜ ਪੰਨੂ ਨੇ ਏ ਡੀ ਜੀ ਪੀ ਨੂੰ ਦੋ ਲੈਬਾਰਟਰੀਆਂ ਦੀਆਂ ਰਿਪੋਰਟਾਂ ਸੌਂਪੀਆਂ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਕਿਸੇ ਵੱਲੋਂ ਜਾਣਬੁੱਝ ਕੇ ਫ਼ਰਜ਼ੀ ਵੀਡੀਓ ਤਿਆਰ ਕਰਕੇ ਮੁੱਖ ਮੰਤਰੀ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵੀਡੀਓ ਕਿਸ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕਿਸ ਵੱਲੋਂ ਸੋਸ਼ਲ ਮੀਡੀਆ ‘ਤੇ ਫੈਲਾਈ ਗਈ ਹੈ, ਉਸ ਦੀ ਜਾਂਚ ਕਰਕੇ ਕਸੂਰਵਾਰਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਏ ਡੀ ਜੀ ਪੀ (ਕਾਨੂੰਨ ਤੇ ਵਿਵਸਥਾ) ਪਰਵੀਨ ਸਿਨਹਾ ਨੇ ‘ਆਪ’ ਵਫ਼ਦ ਦੀਆਂ ਸ਼ਿਕਾਇਤਾਂ ਨੂੰ ਵਿਸਥਾਰਪੂਰਵਕ ਸੁਣਿਆ। ਏ ਡੀ ਜੀ ਪੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੁਲਸ ਦੇ ਸਾਈਬਰ ਸੈੱਲ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਫ਼ਰਜ਼ੀ ਵੀਡੀਓ ਬਣਾਉਣ ਵਾਲੇ ਮੁੱਖ ਦੋਸ਼ੀਆਂ ਸਮੇਤ ਇਸ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ (ਵਾਇਰਲ) ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।