ਚੰਡੀਗੜ੍ਹ : ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਵਪਾਰ ਸਮਝੌਤੇ (ਟਰੇਡ ਡੀਲ) ਦੇ ਵਿਰੋਧ ਵਿੱਚ 23 ਜੂਨ ਨੂੰ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਪ੍ਰਦਰਸ਼ਨ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦਾਅਵਾ ਕੀਤਾ ਹੈ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨਾਂ, ਪਸ਼ੂ ਪਾਲਕਾਂ, ਡੇਅਰੀ ਖੇਤਰ ਅਤੇ ਖੁਰਾਕ ਸੁਰੱਖਿਆ ਲਈ ਗੰਭੀਰ ਖ਼ਤਰਾ ਸਾਬਤ ਹੋ ਸਕਦਾ ਹੈ। ਚੜੂਨੀ ਨੇ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਨੂੰ ਲੈ ਕੇ ਜੋ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ, ਉਹ ਚਿੰਤਾਜਨਕ ਹਨ। ਉਨ੍ਹਾ ਦਾ ਕਹਿਣਾ ਹੈ ਕਿ ਜੇ ਭਾਰਤੀ ਖੇਤੀਬਾੜੀ ਬਾਜ਼ਾਰ ਨੂੰ ਅਮਰੀਕੀ ਖੇਤੀਬਾੜੀ ਉਤਪਾਦਾਂ ਲਈ ਵਧੇਰੇ ਖੋਲ੍ਹ ਦਿੱਤਾ ਗਿਆ ਤਾਂ ਇਸ ਦਾ ਸਿੱਧਾ ਅਸਰ ਦੇਸ਼ ਦੇ ਕਰੋੜਾਂ ਕਿਸਾਨਾਂ ਦੀ ਰੋਜ਼ੀ-ਰੋਟੀ ‘ਤੇ ਪਵੇਗਾ। ਉਨ੍ਹਾ ਕਿਹਾ ਕਿ ਫਰਵਰੀ 2025 ਤੋਂ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਗੱਲਬਾਤ ਚੱਲ ਰਹੀ ਹੈ ਅਤੇ ਹੁਣ ਇਹ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ। 23 ਅਤੇ 24 ਜੂਨ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਸਮਝੌਤੇ ਨੂੰ ਅੰਤਿਮ ਰੂਪ ਦਿੱਤੇ ਜਾਣ ਦੀਆਂ ਚਰਚਾਵਾਂ ਹਨ। ਕਿਸਾਨਾਂ ਨੂੰ ਸ਼ੱਕ ਹੈ ਕਿ ਇਸ ਸਮਝੌਤੇ ਤਹਿਤ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰਾਂ ਵਿੱਚ ਵਿਦੇਸ਼ੀ ਉਤਪਾਦਾਂ ਲਈ ਬਾਜ਼ਾਰ ਖੋਲ੍ਹਣ ਲਈ ਦਬਾਅ ਵਧ ਸਕਦਾ ਹੈ।
ਚੜੂਨੀ ਨੇ ਕਿਹਾ ਕਿ ਭਾਰਤੀ ਕਿਸਾਨ ਪਹਿਲਾਂ ਹੀ ਵਧਦੀ ਲਾਗਤ, ਮੌਸਮ ਦੀ ਮਾਰ ਅਤੇ ਬਾਜ਼ਾਰ ਦੀਆਂ ਅਨਿਸਚਿਤਤਾਵਾਂ ਨਾਲ ਜੂਝ ਰਹੇ ਹਨ। ਅਜਿਹੇ ਵਿੱਚ ਜੇਕਰ ਸਸਤੇ ਵਿਦੇਸ਼ੀ ਖੇਤੀਬਾੜੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਵੱਡੀ ਮਾਤਰਾ ਵਿੱਚ ਆਉਂਦੇ ਹਨ ਤਾਂ ਸਥਾਨਕ ਕਿਸਾਨ ਪ੍ਰਭਾਵਤ ਹੋਣਗੇ।





