ਚੰਡੀਗੜ੍ਹ (ਗੁਰਜੀਤ ਬਿੱਲਾ/
ਸੁਰਜੀਤ ਸੁਮਨ/ਕ੍ਰਿਸ਼ਨ ਗਰਗ)
ਆਮ ਆਦਮੀ ਪਾਰਟੀ ਨੇ ਸ਼ਨੀਵਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼੍ਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈ ਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ।’ਆਪ’ ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ, ਵਰਕਰ ਤੇ ਸਥਾਨਕ ਲੋਕ ਸੂਬੇ ਭਰ ਵਿੱਚ ਸੜਕਾਂ ‘ਤੇ ਉਤਰ ਆਏ ਅਤੇ ਵਿਰੋਧੀ ਪਾਰਟੀਆਂ ‘ਤੇ ਧਰਮ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੁਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਏ।
ਫ਼ਰੀਦਕੋਟ, ਬਰਨਾਲਾ, ਸੰਗਰੂਰ ਤੇ ਮਾਨਸਾ ਤੋਂ ਲੈ ਕੇ ਕਪੂਰਥਲਾ, ਮੋਗਾ ਅਤੇ ਬਾਦਲ ਪਿੰਡ ਤੱਕ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤਾਕਤਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਨ੍ਹਾਂ ਨੂੰ ਉਨ੍ਹਾਂ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਦੱਸਿਆ, ਜੋ ਸਿਆਸੀ ਫਾਇਦੇ ਲਈ ਵਾਰ-ਵਾਰ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰਨ ਅਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਦੀਆਂ ਆਈਆਂ ਹਨ।ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਧਿਰ ਨਫ਼ਰਤ, ਝੂਠੀਆਂ ਅਫ਼ਵਾਹਾਂ ਅਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਕਰ ਰਹੀ ਹੈ, ਉੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਪ੍ਰਸ਼ਾਸਨ, ਰੁਜ਼ਗਾਰ ਦੇ ਮੌਕੇ, ਮਿਆਰੀ ਸਿੱਖਿਆ, ਭਲਾਈ ਸਕੀਮਾਂ ਅਤੇ ਵਿਕਾਸ ਪੱਖੀ ਸਿਆਸਤ ਰਾਹੀਂ ਪੰਜਾਬੀਆਂ ਦਾ ਦਿਲ ਜਿੱਤਿਆ ਹੈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਜਿਹੀ ਵੰਡ ਪਾਉਣ ਵਾਲੀ ਰਾਜਨੀਤੀ ਨੂੰ ਵਾਰ-ਵਾਰ ਨਕਾਰਿਆ ਹੈ ਅਤੇ ਉਹ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਜਾਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਨੂੰ ਭੰਗ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।
ਮੁਹਾਲੀ ਵਿਖੇ ਇੱਕ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥ ਵਿਰੋਧੀ ਤੇ ਪੰਜਾਬ ਵਿਰੋਧੀ ਗਤੀਵਿਧੀਆਂ ਅਤੇ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਖ਼ਿਲਾਫ਼ ਪੂਰੇ ਪੰਜਾਬ ਵਿੱਚ ਸੰਕੇਤਕ ਪ੍ਰਦਰਸ਼ਨ ਕੀਤੇ ਹਨ।ਉਨ੍ਹਾ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਵਰਕਰ ਅਜਿਹੀਆਂ ਤਾਕਤਾਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣ ਲਈ ਨਾ ਸਿਰਫ਼ ਮੁਹਾਲੀ, ਬਲਕਿ ਪੂਰੇ ਪੰਜਾਬ ਵਿੱਚ ਸੜਕਾਂ ‘ਤੇ ਉਤਰੇ ਹਨ।ਪੰਜਾਬ ਦੇ ਲੋਕ ਇਨ੍ਹਾਂ ਸਾਜ਼ਿਸ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਸੂਬੇ ਦੇ ਹਿੱਤਾਂ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਦੇ ਸਫ਼ਲ ਨਹੀਂ ਹੋਣ ਦੇਣਗੇ।
ਉਹਨਾ ਕਿਹਾ ਕਿ ਇਨ੍ਹਾਂ ਇਤਿਹਾਸਕ ਵਿਕਾਸ ਕਾਰਜਾਂ ਨੇ ਵਿਰੋਧੀ ਪਾਰਟੀਆਂ ਨੂੰ ਬੇਚੈਨ ਕਰ ਦਿੱਤਾ ਹੈ। ਪੰਜਾਬ ਵਿੱਚ ਹੋ ਰਹੀ ਤੇਜ਼ੀ ਨਾਲ ਤਰੱਕੀ ਨੂੰ ਹਜ਼ਮ ਕਰਨ ਵਿੱਚ ਅਸਮਰਥ ਸ਼੍ਰੋਮਣੀ ਅਕਾਲੀ ਦਲ ਹੁਣ ਘਟੀਆ ਰਾਜਨੀਤੀ ‘ਤੇ ਉਤਰ ਆਇਆ ਹੈ।ਇਸ ਨੇ ਸਾਡੇ ਮੁੱਖ ਮੰਤਰੀ ਦੇ ਸਾਫ਼-ਸੁਥਰੇ ਅਕਸ ਨੂੰ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਇੱਕ ਮਨਘੜਤ ਅਤੇ ਫਰਜ਼ੀ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਕੋਸ਼ਿਸ਼ ਕੀਤੀ ਹੈ।ਇਹ ਉਨ੍ਹਾਂ ਸਿਆਸੀ ਤਾਕਤਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ, ਜੋ ਜਨਤਾ ਦਾ ਸਮਰਥਨ ਗੁਆ ਚੁੱਕੀਆਂ ਹਨ ਅਤੇ ਝੂਠੇ ਪ੍ਰਚਾਰ ਰਾਹੀਂ ਦੁਬਾਰਾ ਆਪਣੀ ਹੋਂਦ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀਆਂ ਹਨ।
ਸੰਗਰੂਰ/ਭਵਾਨੀਗੜ੍ਹ (ਪ੍ਰਵੀਨ ਸਿੰਘ, ਰਾਜ ਖੁਰਮੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਕਥਿਤ ਫ਼ਰਜ਼ੀ ਵੀਡੀਓ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਵਿਰੋਧੀ ਧਿਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਤਕਨੀਕ ਦੀ ਦੁਰਵਰਤੋਂ ਕਰਕੇ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਵਿਗਿਆਨਕ ਤੱਥਾਂ ਨੇ ਸੱਚਾਈ ਨੂੰ ਸਾਹਮਣੇ ਲਿਆ ਦਿੱਤਾ ਹੈ।ਉਨ੍ਹਾ ਦੱਸਿਆ ਕਿ ਕਰੀਬ 1191 ਤਕਨੀਕੀ ਅਤੇ ਵਿਗਿਆਨਕ ਮਾਪਦੰਡਾਂ ‘ਤੇ ਕੀਤੀ ਗਈ ਜਾਂਚ ਅਤੇ ਦੋ ਸੁਤੰਤਰ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਹੀਂ। ਡਾ. ਜਵੰਧਾ ਨੇ ਦਾਅਵਾ ਕੀਤਾ ਕਿ ਫੋਰੈਂਸਿਕ ਮਾਹਰਾਂ ਵੱਲੋਂ ਕੀਤੀ ਗਈ ਜਾਂਚ ਵਿੱਚ ਵੀਡੀਓ ਵਿਚਲੇ ਵਿਅਕਤੀ ਦੀ ਸਰੀਰਕ ਬਣਤਰ, ਹਾਵ-ਭਾਵ ਅਤੇ ਹੋਰ ਬਾਇਓਮੀਟ੍ਰਿਕ ਤੱਤਾਂ ਦਾ ਮੁੱਖ ਮੰਤਰੀ ਨਾਲ ਕੋਈ ਮੇਲ ਨਹੀਂ ਪਾਇਆ ਗਿਆ।ਚੇਅਰਮੈਨ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਵਧ ਰਹੀ ਲੋਕਪ੍ਰਿਯਤਾ, ਲੋਕ-ਪੱਖੀ ਫ਼ੈਸਲਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈਆਂ ਕਾਰਨ ਵਿਰੋਧੀ ਧਿਰਾਂ ਬੁਖਲਾਹਟ ਦਾ ਸ਼ਿਕਾਰ ਹੋ ਚੁੱਕੀਆਂ ਹਨ।
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਪਰਸਨ ਗੁਰਮੇਲ ਸਿੰਘ ਘਰਾਚੋਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ ਨੇ ਦੋਸ਼ ਲਗਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ।
ਮੁੱਖ ਮੰਤਰੀ ਦੀ ਨਕਲੀ ਵੀਡੀਓ ਦੇ ਵਿਰੋਧ ਵਿਚ ਸ਼ਨੀਵਾਰ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਥਾਨਕ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਫਰਜ਼ੀ ਵੀਡੀਓ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪਾਰਟੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਆਪ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਨੂੰ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਫਰਜ਼ੀ ਕਰਾਰ ਦਿੱਤਾ ਗਿਆ ਹੈ।
ਉਨ੍ਹਾ ਕਿਹਾ ਕਿ ਸਰਕਾਰ ਦੇ ਦਾਅਵੇ ਅਨੁਸਾਰ ਫੋਰੈਂਸਿਕ ਜਾਂਚ ਵਿਚ ਵੀ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਵੀਡੀਓ ਵਿਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਨਹੀਂ, ਸਗੋਂ ਕਿਸੇ ਹਮਸ਼ਕਲ ਜਾਂ ਏ ਆਈ ਤਕਨੀਕ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਹੋ ਸਕਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ।





