ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਬਾਰੇ ਨਵਾਂ ਕਾਨੂੰਨ ਬਣਾਉਣ ਦਾ ਧਾਮੀ ਵੱਲੋਂ ਵਿਰੋਧ

0
8

ਅੰਮ੍ਰਿਤਸਰ (ਨ ਜ਼ ਸ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਦੇ ਪ੍ਰਬੰਧ ਸੰਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਬਾਰੇ ਫੈਸਲੇ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।
ਉਨ੍ਹਾ ਕਿਹਾ ਕਿ ਸਿੱਖ ਕੌਮ ਦੇ ਪੰਜਵੇਂ ਤਖਤ ਦੀ ਮਰਿਆਦਾ, ਪ੍ਰਬੰਧ ਅਤੇ ਧਾਰਮਕ ਖੁਦਮੁਖਤਾਰੀ ਨਾਲ ਜੁੜੇ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਿੱਖ ਸੰਸਥਾਵਾਂ, ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਕੋਝੇ ਯਤਨ ਸਿੱਖ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ।
ਮਹਾਰਾਸ਼ਟਰ ਮੰਤਰੀ ਮੰਡਲ ਦੀ ਬੈਠਕ ਵਿੱਚ ‘ਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956’ ਨੂੰ ਪੁਰਾਣਾ ਦੱਸ ਕੇ ਰੱਦ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਬੋਰਡ ਲਈ ਨਵਾਂ ਬਣਾਏ ਜਾ ਰਹੇ ਕਾਨੂੰਨ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ, ਜਿਸ ਨੂੰ ਜਲਦ ਹੀ ਵਿਧਾਨ ਸਭਾ ਅੱਗੇ ਪ੍ਰਵਾਨਗੀ ਲਈ ਰੱਖਿਆ ਜਾਵੇਗਾ। ਸਰਕਾਰ ਨੇ ਸੂਬੇ ਦੇ ਸਿੱਖ ਆਗੂਆਂ ਨਾਲ ਨਵੇਂ ਕਾਨੂੰਨ ਬਾਰੇ ਚਰਚਾ ਵੀ ਸ਼ੁਰੂ ਕਰ ਦਿੱਤੀ ਗਈ ਹੈ।