ਚੰਡੀਗੜ੍ਹ (ਗੁਰਜੀਤ ਬਿੱਲਾ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਮੰਗਲਵਾਰ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ।ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਚੀਮਾ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਸੰਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।”ਇਨ੍ਹਾਂ ਮੀਟਿੰਗਾਂ ਵਿੱਚ ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਸਰਵ (ਸਮੱਗਰਾ) ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਦੀ ਲੀਡਰਸ਼ਿਪ ਨੇ ਸਰਗਰਮੀ ਨਾਲ ਭਾਗ ਲਿਆ।ਇਨ੍ਹਾਂ ਮੀਟਿੰਗਾਂ ਵਿੱਚ ਮੁੱਖ ਤੌਰ ‘ਤੇ ਯੂਨੀਅਨਾਂ ਦੇ ਨੁਮਾਇੰਦੇ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੰਬੋਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।



