ਬਠਿੰਡਾ (ਨਵਾਂ ਜ਼ਮਾਨਾ ਸਰਵਿਸ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ ਨੌਜਵਾਨ ਵੀ ਹੁਣ ਸਰਕਾਰ ਦੀ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਭਰਤੀ ਨੀਤੀ ਰਾਹੀਂ ਰੁਜ਼ਗਾਰ ਪ੍ਰਾਪਤ ਕਰਨ ਲਈ ਸੂਬੇ ਵਿੱਚ ਵਾਪਸ ਮੁੜ ਰਹੇ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ ਐੱਸ ਪੀ ਸੀ ਐੱਲ) ਵਿੱਚ ਨਵੇਂ ਭਰਤੀ ਹੋਏ 665 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ 68268 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰਿਕਾਰਡ ਬਣਾਇਆ ਹੈ, ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ।
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੱਖਪਾਤੀ ਪ੍ਰਣਾਲੀ ਕਾਰਨ ਬਹੁਤ ਸਾਰੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਵਿੱਚ ਵਸ ਗਏ ਸਨ, ਪਰ ਹੁਣ ਇਸ ਰੁਝਾਨ ਵਿੱਚ ਮੋੜਾ ਪੈਣ ਲੱਗਾ ਹੈ ਤੇ ਨੌਜਵਾਨ ਵਾਪਸ ਪੰਜਾਬ ਆ ਰਹੇ ਹਨ। ਉਨ੍ਹਾ ਕਿਹਾ, ‘ਹੁਣ ਚੀਜ਼ਾਂ ਬਦਲ ਗਈਆਂ ਹਨ। ਇਸ ਬਦਲਾਅ ਦਾ ਪ੍ਰਮਾਣ ਇਸ ਤੱਥ ਤੋਂ ਦੇਖਿਆ ਜਾ ਸਕਦਾ ਹੈ ਕਿ ਅੱਜ ਇੱਥੇ ਮੌਜੂਦ ਇੱਕ ਕੁੜੀ ਨੂੰ ਤਿੰਨ ਨੌਕਰੀਆਂ ਮਿਲੀਆਂ ਹਨ ਅਤੇ ਉਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਫਲ ਉਮੀਦਵਾਰਾਂ ਵਿੱਚੋਂ ਇੱਕ ਹੈ। ਇਹ ਇੱਕ ਨਵਾਂ ਯੁੱਗ ਹੈ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਦੇਸ਼ਾਂ ਵਿੱਚ ਰਹਿੰਦੇ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਪੰਜਾਬ ਵਾਪਸ ਬੁਲਾਉਣ, ਉਨ੍ਹਾਂ ਨੂੰ ਨੌਕਰੀਆਂ ਅਸੀਂ ਦੇਵਾਂਗੇ।’
ਸਫ਼ਲ ਉਮੀਦਵਾਰਾਂ ਜੀਆ ਗਰਗ, ਅਮਨਦੀਪ ਸਿੰਘ ਪੰਨੂ, ਲਾਭਦੀਪ ਸਿੰਘ, ਰਬਿੰਦਰ ਸਿੰਘ ਟੱਕਰ, ਕੀਰਤੀ, ਪੁਸ਼ਪਿੰਦਰ, ਅਕਾਲਜੋਤ ਸਿੰਘ, ਹਰਸ਼, ਸੁਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਜੁਗਰਾਜ ਸਿੰਘ, ਹਨੀ, ਨਿਤੀਸ਼ ਅਤੇ ਹੋਰਨਾਂ ਨੇ ਮੁੱਖ ਮੰਤਰੀ ਦੀ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾ ਇਸ ਨੇਕ ਕਾਰਜ ਰਾਹੀਂ ਉਨ੍ਹਾਂ ਦੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ।



