ਚੰਡੀਗੜ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰਾਂ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਲਈ ਹੁਣ ਸਾਰੇ ਸੇਵਾ ਕੇਂਦਰਾਂ ਵਿੱਚ ਵੀ ਇਹ ਕੰਮ ਸ਼ੁਰੂ ਕਰ ਦਿੱਤਾ ਹੈ। ਸਰਕਾਰ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਸਾਰੀਆਂ ਯੋਗ ਔਰਤਾਂ ਦੀ ਰਜਿਸਟਰੇਸ਼ਨ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ ਅਤੇ 1 ਜੁਲਾਈ ਤੋਂ ਉਨ੍ਹਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜਣੀ ਸ਼ੁਰੂ ਕੀਤੀ ਜਾ ਸਕੇ। ਹੁਣ ਔਰਤਾਂ ਆਸਾਨੀ ਨਾਲ ਆਪਣੇ ਨੇੜਲੇ ਸੇਵਾ ਕੇਂਦਰਾਂ ਵਿੱਚ ਜਾ ਕੇ ਫਾਰਮ ਭਰ ਸਕਦੀਆਂ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰਾਂ ਨੇ ਸੇਵਾ ਕੇਂਦਰਾਂ ਦੇ ਇੰਚਾਰਜਾਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੀ ਜਾਣਕਾਰੀ ਸੇਵਾ ਕੇਂਦਰਾਂ ਦੇ ਬਾਹਰ ਬੋਰਡਾਂ ‘ਤੇ ਲਿਖ ਕੇ ਲਗਾਈ ਜਾਵੇ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਆਉਣ ਵਾਲੀਆਂ ਮਹਿਲਾਵਾਂ ਦੀ ਰਜਿਸਟਰੇਸ਼ਨ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।




