ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸੰਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟ ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਇਲ ਨੰਬਰਾਂ ਉੱਤੇ ਵਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ 17 ਜੂਨ ਅਤੇ 18 ਜੂਨ ਨੂੰ ਭੇਜੇ ਜਾ ਚੁੱਕੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ 23 ਜੂਨ ਨੂੰ ਭੇਜਿਆ ਗਿਆ ਹੈ। ਉਨ੍ਹਾ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ। ਬਗੀਚਾ ਸਿੰਘ ਨੇ ਕਿਹਾ ਕਿ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਵੇਰੇ 11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ, ਜਿਨ੍ਹਾਂ ਨੂੰ ਇਸ ਮਾਮਲੇ ‘ਤੇ 29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।




