ਨਵੇਂ ਤਖਤ ਸ੍ਰੀ ਹਜ਼ੂਰ ਸਾਹਿਬ ਐਕਟ ਦੇ ਪ੍ਰਸਤਾਵ ਦਾ ਚੀਫ ਖਾਲਸਾ ਦੀਵਾਨ ਵੱਲੋਂ ਤਿੱਖਾ ਵਿਰੋਧ

0
9

ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ,
ਕੰਵਲਜੀਤ ਸਿੰਘ)
ਚੀਫ਼ ਖ਼ਾਲਸਾ ਦੀਵਾਨ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਨਾਲ ਸੰਬੰਧਤ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦਿਆਂ ਇਸ ਪ੍ਰਸਤਾਵ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਹੋਈ ਅਹਿਮ ਮੀਟਿੰਗ ਦੌਰਾਨ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਸਿੱਖ ਪੰਥ ਦੇ ਪੰਜ ਤਖਤਾਂ ਵਿਚੋਂ ਇਕ ਹੈ ਅਤੇ ਇਸ ਦੇ ਪ੍ਰਬੰਧਕੀ ਢਾਂਚੇ ਨਾਲ ਸੰਬੰਧਤ ਕਿਸੇ ਵੀ ਤਰ੍ਹਾਂ ਦੀ ਸੋਧ ਜਾਂ ਦਖਲਅੰਦਾਜੀ ਸਿੱਖ ਕੌਮ ਦੀਆਂ ਧਾਰਮਕ ਭਾਵਨਾਵਾਂ ਨਾਲ ਸਿੱਧਾ ਜੁੜਿਆ ਹੋਇਆ ਅਤਿ-ਸੰਵੇਦਨਸ਼ੀਲ ਮਸਲਾ ਹੈ। ਉਨ੍ਹਾ ਇਤਿਹਾਸਕ ਹਵਾਲਾ ਦਿੰਦਿਆਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦੀ ਉੱਚੀ-ਸੁੱਚੀ ਪੰਥਕ ਮਾਨਤਾ ਅਤੇ ਵੱਕਾਰੀ ਇਤਿਹਾਸਕ ਮਹੱਤਵ ਨੂੰ ਮੁੱਖ ਰੱਖਦਿਆਂ ਹੀ ਸ੍ਰੀ ਹਜ਼ੂਰ ਸਾਹਿਬ ਬੋਰਡ ਵਿਚ ਦੀਵਾਨ ਨੂੰ ਇਕ ਮੈਂਬਰ ਰਾਹੀਂ ਪੱਕੀ ਨੁਮਾਇੰਦਗੀ ਦਿੱਤੀ ਗਈ ਹੈ। ਪਿਛਲੇ ਲੰਮੇ ਸਮੇਂ ਤੋਂ ਦੀਵਾਨ ਦੇ ਸੂਝਵਾਨ ਨੁਮਾਇੰਦਿਆਂ ਨੇ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਹਮੇਸ਼ਾ ਤਖਤ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਅਡੋਲ ਰੱਖਣ ਅਤੇ ਪ੍ਰਬੰਧਕੀ ਢਾਂਚੇ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿਚ ਆਪਣਾ ਅਹਿਮ ਵੱਡਮੁੱਲਾ ਅਤੇ ਸ਼ਲਾਘਾਯੋਗ ਯੋਗਦਾਨ ਦਿੱਤਾ ਹੈ। ਅਜਿਹੀ ਮਹਾਨ ਸੇਵਾਵਾਂ ਵਾਲੀ ਸੰਸਥਾ ਨੂੰ ਅੱਜ ਨਵੇਂ ਕਾਨੂੰਨ ਦੇ ਬਹਾਨੇ ਪ੍ਰਬੰਧ ਵਿਚੋਂ ਬਾਹਰ ਕਰਨ ਦੀ ਕੋਝੀ ਕੋਸ਼ਿਸ਼ ਨਾ ਸਿਰਫ ਦੀਵਾਨ ਦੇ ਗੌਰਵਮਈ, ਸੁਨਹਿਰੀ ਇਤਿਹਾਸਕ ਪਿਛੋਕੜ ਦਾ ਅਪਮਾਨ ਹੈ, ਸਗੋਂ ਸਿੱਖ ਸੰਸਥਾਵਾਂ ਅਤੇ ਕੌਮ ਦੇ ਧਾਰਮਿਕ ਅਧਿਕਾਰਾਂ ‘ਤੇ ਵੀ ਸਿੱਧਾ ਹਮਲਾ ਹੈ। ਸਰਕਾਰ ਵੱਲੋਂ ਪੂਰੇ ਐਕਟ ਨੂੰ ਹੀ ਰੱਦ ਕਰਨ ਦਾ ਨਵਾਂ ਪ੍ਰਸਤਾਵ ਸਿੱਖ ਸੰਸਥਾਵਾਂ ਦੇ ਅਧਿਕਾਰਾਂ ਅਤੇ ਤਖਤ ਸਾਹਿਬਾਨ ਦੀ ਮਰਿਆਦਾ ਅਤੇ ਖੁਦਮੁਖਤਿਆਰੀ ਲਈ ਬਹੁਤ ਵੱਡੀ ਚੁਣੌਤੀ ਬਣ ਸਕਦਾ ਹੈ। ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਨਵਾਂ ਕਾਨੂੰਨ ਥੋਪਣ ਦੀ ਕੋਸ਼ਿਸ਼ ਨਾਲ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਪੰਥ ਦਰਦੀਆਂ ਵਿਚ ਡੂੰਘੇ ਰੋਸ ਅਤੇ ਬੇਚੈਨੀ ਦੀ ਲਹਿਰ ਹੈ। ਦੀਵਾਨ ਅਹੁਦੇਦਾਰਾਂ ਅਤੇ ਹਾਜ਼ਰ ਮੈਂਬਰ ਸਾਹਿਬਾਨ ਨੇ ਕੇਂਦਰ ਅਤੇ ਮਹਾਰਾਸ਼ਟਰ ਸਰਕਾਰ ਨੂੰ ਕਿਹਾ ਕਿ ਜੇਕਰ ਸਰਕਾਰ ਵੱਲੋਂ ਐਕਟ ਵਿਚ ਕੋਈ ਵੀ ਸੋਧ ਕਰਨ ਦੀ ਜ਼ਰੂਰਤ ਸਮਝੀ ਜਾਵੇ ਤਾਂ ਉਸ ਤੋਂ ਪਹਿਲਾਂ ਕੌਮ ਦੀਆਂ ਧਾਰਮਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਥਕ ਸਹਿਮਤੀ ਅਤੇ ਪੂਰਨ ਪਾਰਦਸ਼ਤਾ ਦੇ ਸਿਧਾਂਤਾਂ ਨੂੰ ਅਪਣਾਇਆ ਜਾਵੇ, ਤਾਂ ਜੋ ਕੌਮ ਦੇ ਪੰਥਕ ਅਧਿਕਾਰਾਂ ਅਤੇ ਤਖ਼ਤ ਸਾਹਿਬਾਨ ਦੀ ਆਨ-ਸ਼ਾਨ ਅਤੇ ਪਵਿੱਤਰ ਮਰਿਆਦਾ ਨੂੰ ਹਰ ਹਾਲ ਵਿਚ ਬਰਕਰਾਰ ਰੱਖਿਆ ਜਾ ਸਕੇ।