ਪਟਿਆਲਾ (ਰਾਜਿੰਦਰ ਸਿੰਘ ਥਿੰਦ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ‘ਸਰਪੰਚ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸਰਪੰਚਾਂ ਨੂੰ 15 ਅਗਸਤ ਤੋਂ 10,000 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਫੈਸਲਾ ਕਦੇ ਅਮਲੀ ਰੂਪ ਵਿੱਚ ਸਾਹਮਣੇ ਨਹੀਂ ਆਇਆ ਅਤੇ ਸਰਪੰਚਾਂ ਨੂੰ ਆਪਣੇ ਹੱਕ ਲੈਣ ਲਈ ਦਰ-ਦਰ ਭਟਕਣਾ ਪੈਂਦਾ ਸੀ। ਹਾਲਾਂਕਿ, ਸਾਡੀ ਸਰਕਾਰ ਨੇ ਸਰਪੰਚਾਂ ਨੂੰ 2,000 ਰੁਪਏ ਮਾਣਭੱਤਾ ਦੇਣਾ ਸ਼ੁਰੂ ਕੀਤਾ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ।”ਮਾਨ ਨੇ ਅੱਗੇ ਕਿਹਾ—“ਸਭ ਤੋਂ ਪਹਿਲਾਂ ਲਾਇਬ੍ਰੇਰੀਆਂ, ਸਕੂਲਾਂ, ਸੋਲਰ ਲਾਈਟਾਂ ਅਤੇ ਫਿਰ ਗਲੀਆਂ-ਨਾਲੀਆਂ ਦੇ ਨਿਰਮਾਣ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਮੇਂ ਦੀ ਲੋੜ ਹੈ। ਮੈਂ ਹਰ ਸਰਪੰਚ ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਆਪਣੇ ਲੋਕਾਂ ਦੀ ਖੁਸ਼ਹਾਲੀ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੰਦਾ ਹਾਂ।”





