ਨਸ਼ਾ ਮੁਕਤ ਬਣਨ ਵੱਲ ਵਧ ਰਿਹਾ ਪੰਜਾਬ : ਮਾਨ

0
3

ਲੁਧਿਆਣਾ (ਨ ਜ਼ ਸ)-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ।ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਉਮੀਦ ਦੇ ਦੂਤ’ ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਸਾਰਿਆਂ ਲਈ ਸਿਹਤ ਸਹੂਲਤਾਂ, ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਮੁੜ-ਵਸੇਬੇ ‘ਤੇ ਇੱਕੋ ਸਮੇਂ ਧਿਆਨ ਦਿੱਤਾ ਜਾ ਰਿਹਾ ਹੈ, ਜੋ ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਦੀ ਨੀਂਹ ਰੱਖ ਰਿਹਾ ਹੈ।ਉਨ੍ਹਾਂ ਪ੍ਰਾਪਤੀਆਂ ਦੀ ਗੱਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਨੰਬਰ ਇਕ ‘ਤੇ ਹੈ ਅਤੇ 47 ਲੱਖ ਪਰਵਾਰਾਂ ਨੂੰ ਮੁਫ਼ਤ ਇਲਾਜ ਲਈ 10 ਲੱਖ ਰੁਪਏ ਦੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ’ ਮਿਲ ਚੁੱਕੇ ਹਨ। ਸੜਕ ਸੁਰੱਖਿਆ ਫੋਰਸ (ਐੱਸ ਐੱਸ ਅੱੈਫ) ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ 50 ਫੀਸਦੀ ਤੱਕ ਘਟਾ ਦਿੱਤਾ ਹੈ, ਜਿਸ ਨਾਲ ਹਰ ਸਾਲ ਲਗਭਗ 2,700 ਕੀਮਤੀ ਜਾਨਾਂ ਬਚ ਰਹੀਆਂ ਹਨ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮਾਗਮ ਵਿੱਚ ਹਾਜ਼ਰ ਨੌਜਵਾਨਾਂ ਨੇ ਨਸ਼ਿਆਂ ਕਾਰਨ ਸਭ ਕੁਝ ਗੁਆਉਣ ਤੋਂ ਬਾਅਦ ਇਸ ਦਲਦਲ ਵਿੱਚੋਂ ਬਾਹਰ ਨਿਕਲ ਕੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾ ਕਿਹਾ ਕਿ ਅੱਜ ਇਨ੍ਹਾਂ ਦਾ ਸਨਮਾਨ ਇਸ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਸਮਾਜਿਕ ਨਾਮੋਸ਼ੀ ਦੇ ਬਾਵਜੂਦ ਇਨ੍ਹਾਂ ਨਸ਼ੇ ਨੂੰ ਹਰਾਉਣ ਦਾ ਅਸਾਧਾਰਨ ਸਾਹਸ ਦਿਖਾਇਆ ਹੈ। ਉਨ੍ਹਾ ਅੱਗੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸੂਬੇ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ਵ ਪੱਧਰੀ ਮੁੜ-ਵਸੇਬਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।
ਸੂਬੇ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਸਿੱਖਿਆ ਦੇ ਖੇਤਰ ਦਾ ਕਾਇਆ-ਕਲਪ ਕੀਤਾ ਹੈ, ਜਿਸ ਸਦਕਾ ਪੰਜਾਬ, ਕੇਰਲ ਅਤੇ ਕਈ ਹੋਰ ਸੂਬਿਆਂ ਨੂੰ ਪਛਾੜ ਕੇ 27ਵੇਂ ਨੰਬਰ ਤੋਂ ਪਹਿਲੇ ਨੰਬਰ ‘ਤੇ ਆਇਆ ਹੈ।ਉਨ੍ਹਾ ਕਿਹਾ—ਗਰੀਬੀ ਨੂੰ ਖ਼ਤਮ ਕਰਨ ਲਈ ਸਿੱਖਿਆ ਸਭ ਤੋਂ ਵੱਡਾ ਹਥਿਆਰ ਹੈ।ਸਾਡੇ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਭਲਕੇ ਉੱਚ ਅਧਿਕਾਰੀ ਬਣਨਗੇ ਅਤੇ ਆਪਣੇ ਪਰਵਾਰਾਂ ਨੂੰ ਗਰੀਬੀ ਵਿੱਚੋਂ ਕੱਢਣ ਵਿੱਚ ਮਦਦ ਕਰਨਗੇ। ਸਿਰਫ਼ ਕਾਰਡ ਜਾਂ ਮੁਫ਼ਤ ਦੀਆਂ ਸਹੂਲਤਾਂ ਗਰੀਬੀ ਖ਼ਤਮ ਨਹੀਂ ਕਰ ਸਕਦੀਆਂ, ਪਰ ਸਿੱਖਿਆ ਵਿੱਚ ਅਜਿਹਾ ਕਰਨ ਦੀ ਤਾਕਤ ਤੇ ਸਮਰੱਥਾ ਜ਼ਰੂਰ ਹੈ। ਉਨ੍ਹਾ ਅੱਗੇ ਦੱਸਿਆ ਕਿ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਹੁਣ ਤੱਕ ਲਗਭਗ 650 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ।ਪੰਜਾਬ ਹੁਣ ਸਿੰਚਾਈ ਲਈ 80 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਕਰ ਰਿਹਾ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ।