ਨਵੀਂ ਦਿੱਲੀ (ਨ ਜ਼ ਸ)
ਜਲਵਾਯੂ ਕਾਰਕੁੰਨ ਸੋਨਮ ਵਾਂਗਚੁੱਕ ਨੇ ਐਤਵਾਰ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ, ਜਿੱਥੇ ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) 20 ਜੂਨ ਤੋਂ ਪ੍ਰੀਖਿਆਵਾਂ ਵਿੱਚ ਬੇਨੇਮੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੀ ਹੈ। ਵਾਂਗਚੁੱਕ ਦੇ ਵਰਤ ਸ਼ੁਰੂ ਕਰਨ ਵੇਲੇ ਸੈਂਕੜੇ ਪ੍ਰਦਰਸ਼ਨਕਾਰੀ, ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਅਤੇ ਵਿਦਿਆਰਥੀ ਸਨ, ਇਕੱਠੇ ਹੋਏ। ਕਈ ਕਿਸਾਨ ਆਗੂ ਵੀ ਮੌਜੂਦ ਸਨ। ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਵਾਂਗਚੁੱਕ ਅਤੇ ਸੀ ਜੇ ਪੀ ਦੇ ਬਾਨੀ ਅਭਿਜੀਤ ਦੀਪਕੇ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।
ਇਸੇ ਦੌਰਾਨ ਸੀ ਜੇ ਪੀ ਨੇ ਦੋਸ਼ ਲਾਇਆ ਹੈ ਕਿ ਵਾਂਗਚੁੱਕ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਦਿੱਲੀ ਪੁਲਸ ਨੇ ਜੰਤਰ-ਮੰਤਰ ‘ਤੇ ਪਾਣੀ ਕੁਨੈਕਸ਼ਨ ਕੱਟ ਦਿੱਤਾ। ਵਾਰ-ਵਾਰ ਬੇਨਤੀਆਂ ਕਰਨ ਅਤੇ ਵਾਂਗਚੁਕ ਜੀ ਦੀ ਉਮਰ ਅਤੇ ਸਿਹਤ ਸੰਬੰਧੀ ਚਿੰਤਾਵਾਂ ਬਾਰੇ ਦੱਸਣ ਦੇ ਬਾਵਜੂਦ ਪੁਲਸ ਸਹਿਯੋਗ ਨਹੀਂ ਕਰ ਰਹੀ।




