ਬਠਿੰਡਾ (ਪਰਵਿੰਦਰਜੀਤ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਇਸ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟੌਲਰੈਂਸ’ ਦੀ ਨੀਤੀ ਅਧੀਨ ਕਾਰਵਾਈ ਲਗਾਤਾਰ ਜਾਰੀ ਰਹੇਗੀ। ਬਠਿੰਡਾ ਦੇ ਲੇਕ ਵਿਊ ਗੈਸਟ ਹਾਊਸ ਤੋਂ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਕਪਤਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਿਲੇਜ ਡਿਫੈਂਸ ਕਮੇਟੀਆਂ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਵੱਡੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਹੁਣ ਜ਼ਰੂਰਤ ਇਸ ਮੁਹਿੰਮ ਨੂੰ ਹੋਰ ਜ਼ਮੀਨੀ ਪੱਧਰ ਤੱਕ ਲੈ ਜਾਣ ਦੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਵਿਰੁੱਧ 13 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਹਰ ਮਹੀਨੇ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣ ਅਤੇ ਘੱਟ ਸਰਗਰਮ ਖੇਤਰਾਂ ਵਿੱਚ ਲੋਕਾਂ ਨੂੰ ਇਸ ਮਿਸ਼ਨ ਨਾਲ ਜੋੜਿਆ ਜਾਵੇ। ਉਨ੍ਹਾ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੀ ਸਮਰੱਥਾ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਰਕਾਰੀ ਕੇਂਦਰਾਂ ਵਿੱਚ ਬੈੱਡਾਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ, ਜਦ ਕਿ ਓਟ ਕੇਂਦਰਾਂ ਦੀ ਗਿਣਤੀ ਵੀ 529 ਤੋਂ ਵਧਾ ਕੇ 565 ਕੀਤੀ ਗਈ ਹੈ। ਇਨ੍ਹਾਂ ਕੇਂਦਰਾਂ ਵਿੱਚ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਦੀ ਨਿਰੰਤਰ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾ ‘ਸੂਰਮਾ’ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਨਸ਼ਿਆਂ ਤੋਂ ਦੂਰ ਰਹਿ ਰਹੇ ਵਿਅਕਤੀਆਂ ਨੂੰ ‘ਨਸ਼ਾ ਮੁਕਤੀ ਦੇ ਦੂਤ’ ਵਜੋਂ ਸਮਾਜ ਵਿੱਚ ਪ੍ਰੇਰਕ ਭੂਮਿਕਾ ਨਿਭਾਉਣ ਲਈ ਅੱਗੇ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇਗਾ।




