ਅੰਤਮ ਫੈਸਲਾ ਅਕਾਲ ਤਖਤ ਦੇ ਨਿਰਦੇਸ਼ਾਂ ਮੁਤਾਬਕ : ਸੰਧਵਾਂ

0
3

ਅੰਮ੍ਰਿਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸੁਝਾਵਾਂ ‘ਤੇ ਯੋਗ ਵਿਚਾਰ ਕੀਤਾ ਜਾਵੇਗਾ। ਸੰਧਵਾਂ ਨੇ ਕਿਹਾ ਕਿ ਉਹ ਮਿਲਣ ਵਾਲੇ ਸੁਝਾਵਾਂ ਨੂੰ ਸਰਕਾਰ ਅਤੇ ਪਾਰਟੀ ਵਿਧਾਇਕਾਂ ਅੱਗੇ ਰੱਖਣਗੇ। ਅੰਤਮ ਫੈਸਲਾ ਅਕਾਲ ਤਖਤ ਦੇ ਨਿਰਦੇਸ਼ਾਂ ਮੁਤਾਬਕ ਕੀਤਾ ਜਾਵੇਗਾ।
ਸਿੱਖ ਇਤਿਹਾਸ ‘ਚ ਇਹ ਦੂਜਾ ਮੌਕਾ ਸੀ, ਜਦੋਂ ਸੰਧਵਾਂ ਪਰਵਾਰ ਦਾ ਦੂਜਾ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਅੱਗੇ ਪੇਸ਼ ਹੋਇਆ। ਜੂਨ 1984 ਦੇ ਬਲਿਊ ਸਟਾਰ ਅਪ੍ਰੇਸ਼ਨ ਲਈ ਇਖਲਾਕੀ ਅਤੇ ਸੰਵਿਧਾਨਕ ਤੌਰ ‘ਤੇ ਤੱਤਕਾਲੀ ਰਾਸ਼ਟਰਪਤੀ ਤੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਸਰਬਉੱਚ ਕਮਾਂਡਰ ਹੋਣ ਦੇ ਨਾਤੇ ਗਿਆਨੀ ਜੈਲ ਸਿੰਘ ਨੂੰ ਜ਼ਿੰਮੇਵਾਰ ਮੰਨਦਿਆਂ ਤਲਬ ਕੀਤਾ ਗਿਆ ਸੀ। ਕਰੀਬ 42 ਸਾਲ ਪਹਿਲਾਂ ਦਾਦਾ ਗਿਆਨੀ ਜ਼ੈਲ ਸਿੰਘ ਤੋਂ ਬਾਅਦ ਉਨ੍ਹਾ ਦੇ ਪੋਤੇ ਕੁਲਤਾਰ ਸਿੰਘ ਸੰਧਵਾਂ ਪੇਸ਼ ਹੋਏ। ‘ਬਾਦਲ ਪਰਵਾਰ’ ਦੇ ਦੋ ਮੈਂਬਰ ਵੀ ਪੇਸ਼ ਹੋਏ ਸਨ। 1978 ‘ਚ ਅੰਮ੍ਰਿਤਸਰ ‘ਚ ਹੋਏ ਸਿੱਖ ਨਿਰੰਕਾਰੀ ਹਿੰਸਕ ਟਕਰਾਅ ਦੇ ਮੱਦੇਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤੱਤਕਾਲੀ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ। ਉਨ੍ਹਾ ਦੇ ਪੁੱਤਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 2007-2017 ਦਰਮਿਆਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਸੰਬੰਧ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ 30 ਅਗਸਤ 2024 ਨੂੰ ਤਨਖਾਹੀਆ ਐਲਾਨਿਆ ਗਿਆ ਸੀ। ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦ ਪਹਿਲੇ ਸਪੀਕਰ ਹਨ, ਜਿਨ੍ਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਤਲਬ ਕੀਤਾ ਗਿਆ। ਉਹ ਗਿਆਨੀ ਜ਼ੈਲ ਸਿੰਘ ਦੇ ਭਰਾ ਦੇ ਪੋਤੇ ਹਨ ਪਰ ਉਨ੍ਹਾ ਨੂੰ ਗਿਆਨੀ ਜ਼ੈਲ ਸਿੰਘ ਦੇ ਪੋਤੇ ਵਜੋਂ ਹੀ ਜਾਣਿਆ ਜਾਂਦਾ ਹੈ। ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਤੱਤਕਾਲੀ ਜਥੇਦਾਰ ਅਕਾਲੀ ਫੂਲਾ ਸਿੰਘ ਨੇ 19 ਵੀਂ ਸਦੀ ਦੇ ਸ਼ੁਰੂ ‘ਚ ਮਹਾਰਾਜਾ ਸਿੰਘ ਰਣਜੀਤ ਸਿੰਘ ਨੂੰ ਤਲਬ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਨੇ ਰੂਹਾਨੀ ਅਸਥਾਨ ਅੱਗੇ ਸਿਰ ਝੁਕਾਉਂਦਿਆਂ ਧਾਰਮਕ ਸਜ਼ਾ ਪ੍ਰਵਾਨ ਕਰ ਲਈ ਸੀ। ਅਪ੍ਰੇਸ਼ਨ ਬਲਿਊ ਸਟਾਰ ਮਗਰੋਂ ਗਿਆਨੀ ਜ਼ੈਲ ਸਿੰਘ ਤੋਂ ਇਲਾਵਾ ਤੱਤਕਾਲੀ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨੂੰ ਧਾਰਮਕ ਸਜ਼ਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਲਗਾਈ ਗਈ ਸੀ। ਅਪ੍ਰੇਸ਼ਨ ਬਲੈਕ ਥੰਡਰ ਤਹਿਤ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਪੁਲਸ ਭੇਜਣ ਕਰਕੇ ਤੱਤਕਾਲੀ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਧਾਰਮਕ ਸਜ਼ਾ ਲਗਾਈ ਗਈ ਸੀ। ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇੱਕ ਵਿਵਾਦਿਤ ਵੀਡੀਓ ਦੇ ਮਾਮਲੇ ‘ਚ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲਈ ਤਲਬ ਕੀਤਾ ਜਾ ਚੁੱਕਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਪੰਥ ਦੋਖੀ’ ਕਰਾਰ ਦਿੱਤਾ ਗਿਆ ਹੈ।