ਗੁਰੂ ਰਵਿਦਾਸ ਮਹਾਰਾਜ ਦਾ ਸੰਦੇਸ਼ ਕੋਨੇ-ਕੋਨੇ ਤੱਕ ਪਹੁੰਚਾਵਾਂਗੇ : ਮਾਨ

0
6

ਸੰਗਰੂਰ (ਪ੍ਰਵੀਨ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ 50 ਮੋਬਾਇਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐੱਲ ਈ ਡੀ ਨਾਲ ਲੈਸ ਮੋਬਾਇਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 13,000 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ‘ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਮੌਕੇ ਨੂੰ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਇੱਕ ਹੋਰ ਅਜਿਹੀ ਨੇਕ ਪਹਿਲਕਦਮੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸੂਬੇ ਦੀ ਸ਼ਰਧਾ ਅਤੇ ਸਤਿਕਾਰ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਨੇਕ ਕਾਰਜ ਲਈ 100 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ।”ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ।