ਚੰਪਤ ਰਾਏ ਨੂੰ ਮੁਲਜ਼ਮ ਬਣਾਉਣ ਲਈ ਵਕੀਲਾਂ ਵੱਲੋਂ ਮਾਰਚ

0
13

ਫੈਜ਼ਾਬਾਦ (ਨ ਜ਼ ਸ)
ਸਥਾਨਕ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਵੀਰਵਾਰ ਰੋਸ ਮਾਰਚ ਕੱਢਿਆ ਅਤੇ ਰਾਮ ਮੰਦਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ, ਟਰੱਸਟ ਮੈਂਬਰ ਅਨਿਲ ਮਿਸ਼ਰਾ ਅਤੇ ਗੋਪਾਲ ਰਾਓ ਵਿਰੁੱਧ ਦਾਨ ਦੇ ਫੰਡਾਂ ਵਿੱਚ ਘੁਟਾਲੇ ਵਿੱਚ ਐੱਫ ਆਈ ਆਰ ਦਰਜ ਕਰਨ ਦੀ ਮੰਗ ਕਰਦਿਆਂ ਪੁਲਸ ਨੂੰ ਸ਼ਿਕਾਇਤ ਸੌਂਪੀ।
ਫੈਜ਼ਾਬਾਦ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਾਲਿਕਾ ਪ੍ਰਸਾਦ ਮਿਸ਼ਰਾ ਮੁਤਾਬਕ ਇੱਕ ਹੋਰ ਟਰੱਸਟੀ ਕ੍ਰਿਸ਼ਨਾ ਮੋਹਨ (ਜੋ ਇਸ ਕੇਸ ਵਿੱਚ ਪਹਿਲੀ ਐੱਫ ਆਈ ਆਰ ਵਿੱਚ ਸ਼ਿਕਾਇਤਕਰਤਾ ਸਨ), ਨੂੰ ਵੀ ਵਕੀਲਾਂ ਦੀ ਇਸ ਨਵੀਂ ਪੁਲਸ ਸ਼ਿਕਾਇਤ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਵਕੀਲਾਂ ਨੇ ਅਦਾਲਤੀ ਕੰਪਲੈਕਸ ਤੋਂ ਰਾਮ ਜਨਮ ਭੂਮੀ ਪੁਲਸ ਸਟੇਸ਼ਨ ਤੱਕ ਰੋਸ ਮਾਰਚ ਕੱਢਿਆ ਅਤੇ ਸ਼ਿਕਾਇਤ ਸੌਂਪ ਕੇ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਦੋਸ਼ਾਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕੀਤੀ ਜਾਵੇ। ਵੱਡੀ ਗਿਣਤੀ ਵਿੱਚ ਵਕੀਲਾਂ ਨੇ ਰਾਮ ਮੰਦਰ ਟਰੱਸਟ ਦੇ ਸੀਨੀਅਰ ਅਹੁਦੇਦਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਬਾਰ ਐਸੋਸੀਏਸ਼ਨ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਉਹ ਇਸ ਕੇਸ ਵਿੱਚ ਮੁਲਜ਼ਮਾਂ ਦਾ ਬਚਾਅ ਨਹੀਂ ਕਰਨਗੇ ਅਤੇ ਚਿਤਾਵਨੀ ਦਿੱਤੀ ਸੀ ਕਿ ਜੇ ਕੋਈ ਵਕੀਲ ਉਨ੍ਹਾਂ ਦੀ ਪੈਰਵੀ ਕਰੇਗਾ ਤਾਂ ਉਸ ਨੂੰ ਪ੍ਰਤੀ ਮੁਲਜ਼ਮ 5 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ। ਮਾਰਚ ਦੌਰਾਨ ਭੀੜ ਨੂੰ ਕਾਬੂ ਕਰਨ ਵਿੱਚ ਪੁਲਸ ਮੁਲਾਜ਼ਮਾਂ ਨੂੰ ਕਾਫੀ ਮੁਸ਼ੱਕਤ ਕਰਨੀ ਪਈ ਅਤੇ ਕੁਝ ਵਕੀਲਾਂ ਨੇ ਦੋਸ਼ ਲਾਇਆ ਕਿ ਧੱਕਾ-ਮੁੱਕੀ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਕਈ ਵਕੀਲ ਅਤੇ ਮੀਡੀਆਕਰਮੀ ਥਾਣੇਦਾਰ ਦੇ ਦਫਤਰ ਵਿੱਚ ਇਕੱਠੇ ਹੋ ਗਏ ਅਤੇ ਤੁਰੰਤ ਕੇਸ ਦਰਜ ਕਰਨ ਦੀ ਮੰਗ ‘ਤੇ ਅੜ ਗਏ। ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਸ਼ਾਂਤ ਕਰਦਿਆਂ ਭਰੋਸਾ ਦਿੱਤਾ ਕਿ ਸ਼ਿਕਾਇਤ ਦੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮਿਸ਼ਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜੇ ਪੁਲਸ ਕੇਸ ਦਰਜ ਕਰਨ ਵਿੱਚ ਅਸਫਲ ਰਹੀ ਤਾਂ ਐਸੋਸੀਏਸ਼ਨ ਵੱਲੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਦੂਜੇ ਪਾਸੇ, ਐੱਸ ਪੀ ਸਿਟੀ ਚੱਕਰਪਾਣੀ ਤ੍ਰਿਪਾਠੀ ਨੇ ਕਿਹਾ ਕਿ ਪੁਲਸ ਨੂੰ ਸ਼ਿਕਾਇਤ ਮਿਲ ਗਈ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵਿਵਾਦ 7 ਜੂਨ ਨੂੰ ਸ਼ੁਰੂ ਹੋਇਆ ਸੀ ਜਦੋਂ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਰਾਮ ਮੰਦਰ ਦੇ ਦਾਨ ਵਿੱਚ ਹੇਰਾਫੇਰੀ ਦੇ ਦੋਸ਼ ਲਗਾਏ ਸਨ। ਯੂ ਪੀ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ 23 ਜੂਨ ਨੂੰ ਆਪਣੀ ਮੁਢਲੀ ਰਿਪੋਰਟ ਸੌਂਪੀ ਸੀ, ਜਿਸ ਤੋਂ ਬਾਅਦ 25 ਜੂਨ ਨੂੰ ਐੱਫ ਆਈ ਆਰ ਦਰਜ ਕਰਕੇ ਦਾਨ ਦੀ ਗਿਣਤੀ ਪ੍ਰਕਿਰਿਆ ਨਾਲ ਜੁੜੇ ਅੱਠ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।