ਚੰਡੀਗੜ੍ਹ (ਨ ਜ਼ ਸ)
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਅਦਬੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਜਾਂਚ ਆਖਰੀ ਪੜਾਅ ਵਿੱਚ ਪਹੁੰਚ ਚੁੱਕੀ ਹੈ। ਹੁਣ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਜਾਂ ਅਜਿਹੀਆਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਢੰਗ ਨਾਲ ਸ਼ਾਮਲ ਸਾਰਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਚੀਮਾ ਨੇ ਕਾਂਗਰਸ ਪਾਰਟੀ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ। ਕਾਂਗਰਸ ਵੱਲੋਂ ਲੰਘੇ ਦਿਨ ਵੱਖ-ਵੱਖ ਅਹੁਦਿਆਂ ‘ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ, ਪਰ ਇਨ੍ਹਾਂ ਨਿਯੁਕਤੀਆਂ ਤੋਂ ਕੋਈ ਵੀ ਖੁਸ਼ ਨਹੀਂ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਵਿੱਚ ਅੰਦਰੂਨੀ ਪੱਧਰ ‘ਤੇ ਕੀ ਕੁਝ ਚੱਲ ਰਿਹਾ ਹੈ, ਪਰ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ।





