ਚੰਡੀਗੜ੍ਹ (ਗਿਆਨ ਸੈਦਪੁਰੀ)
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਐਲਾਨ ਕੀਤਾ ਹੈ ਕਿ ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ।ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਸਾਥੀ ਗੁਲਜ਼ਾਰ ਗੋਰੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਕਤ ਐਲਾਨ ਕਰਦਿਆਂ ਸੂਬਾਈ ਮਜ਼ਦੂਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈ ਕੇ ਮਜ਼ਦੂਰ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਹਨ, ਪਰ ਲਾਰਿਆਂ ਅਤੇ ਫੋਕੇ ਵਾਅਦਿਆਂ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਪੰਜਾਬ ਮੀਟਿੰਗ ਦਾ ਸੱਦਾ ਦੇ ਕੇ ਮੁੱਕਰ ਜਾਂਦੇ ਰਹੇ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗਾਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ।ਮੀਟਿੰਗ ‘ਚ ਸੂਬਾਈ ਆਗੂਆਂ ਦੇਵੀ ਕੁਮਾਰੀ ਸਰਹਾਲੀ ਕਲਾਂ ਜਨਰਲ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ, ਸਰਵਸਾਥੀ ਗੁਰਨਾਮ ਸਿੰਘ ਦਾਊਦ (ਜਨਰਲ ਸਕੱਤਰ ਦਿਹਾਤੀ ਮਜ਼ਦੂਰ ਸਭਾ), ਜੋਰਾ ਸਿੰਘ ਨਸਰਾਲੀ (ਸੂਬਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ), ਗੋਬਿੰਦ ਸਿੰਘ ਛਾਜਲੀ (ਸੂਬਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ), ਪ੍ਰਗਟ ਸਿੰਘ ਕਾਲਾਝਾੜ (ਸੂਬਾ ਆਗੂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ) ਨੇ ਕਿਹਾ ਕਿ ਮਜ਼ਦੂਰਾਂ ਲਈ ਸਾਲ ਭਰ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਨਵੇਂ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਕੇ ਬਾਲਗ ਜੀਆਂ ਨੂੰ ਪ੍ਰਤੀ ਦਿਨ 700 ਰੁਪਏ ਦਿਹਾੜੀ ਦੇਣ, ਵਿਧਵਾ, ਬੁਢਾਪਾ, ਅੰਗਹੀਣ ਪੈਨਸ਼ਨ 5000 ਰੁਪਏ ਮਹੀਨਾ ਕਰਨ, ਔਰਤਾਂ ਦੇ ਖਾਤੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਪਾਉਣ, ਲੋੜਵੰਦ ਪਰਵਾਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਮਕਾਨ ਉਸਾਰੀ ਲਈ ਗਰਾਂਟ ਦੇਣ, ਪੰਚਾਇਤੀ ਜ਼ਮੀਨਾਂ‘’ਚੋਂ ਰਾਖਵੇਂ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ‘’ਚ ਵੰਡਣ, ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮਾਫ਼ ਕਰਨ ਅਤੇ ਕਿਰਤ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਅਤੇ ਨਵੇਂ ਚਾਰ ਲੇਬਰ ਕਾਨੂੰਨ ਰੱਦ ਕਰਨ ਵਰਗੀਆਂ ਮੰਗਾਂ ‘ਲਈ ਮਜ਼ਦੂਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਪਹਿਲੀਆਂ ਸਰਕਾਰਾਂ ਵਾਂਗ ਹੀ ਮੌਜੂਦਾ ਸਰਕਾਰ ਵੀ ਮਜ਼ਦੂਰ ਮੰਗਾਂ ਨੂੰ ਦਰਕਿਨਾਰ ਕਰਕੇ ਮਜ਼ਦੂਰਾਂ ਨਾਲ ਵਿਤਕਰਾ ਕਰ ਰਹੀ ਹੈ।ਮਜ਼ਦੂਰ ਆਗੂਆਂ ਨੇ ਕਿਹਾ ਕਿ ਸਦੀਆਂ ਤੋਂ ਜਾਤੀ-ਪਾਤੀ ਵਿਤਕਰੇ, ਸਰਕਾਰੀ ਤੇ ਜਾਗੀਰੂ ਜਬਰ ਦੇ ਸਤਾਏ ਬੇਜ਼ਮੀਨੇ ਮਜ਼ਦੂਰ ਅੱਜ ਵੀ ਅੱਤ ਦੀ ਮਹਿੰਗਾਈ, ਇਲਾਜ ਕਰਵਾਉਣ ਤੋਂ ਅਸਮਰੱਥ, ਬੱਚਿਆਂ ਨੂੰ ਉੱਚ ਸਿੱਖਿਆ ਦਿਵਾਉਣ ਅਤੇ ਰੋਜ਼ਾਨਾ ਜੀਵਨ ਲੋੜਾਂ ਪੂਰੀਆਂ ਕਰਨ ਤੋਂ ਅਸਮਰਥ ਹਨ ਅਤੇ ਕਰਜ਼ੇ ਹੇਠ ਦੱਬੇ ਹੋਏ ਹਨ, ਪਰ ਸਰਕਾਰਾਂ ਫੋਕੇ ਦਾਅਵੇ ਕਰਕੇ ਵਿਕਾਸ ਦੇ ਦਮਗਜੇ ਮਾਰ ਕੇ ਮਜ਼ਦੂਰਾਂ ਦੀਆਂ ਵੋਟਾਂ ਬਟੋਰਨ ਦੇ ਆਹਰ ਵਿੱਚ ਲੱਗੀਆਂ ਹੋਈਆਂ ਹਨ।ਉਹਨਾਂ ਕਿਹਾ ਕਿ 5 ਅਗਸਤ ਨੂੰ ਪੰਜਾਬ ਭਰ ‘ਚੋਂ ਮਜ਼ਦੂਰ ਆਪਣੇ ਪਰਵਾਰਾਂ ਸਮੇਤ ਰੈਲੀ ਅਤੇ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ।ਮੀਟਿੰਗ ਦੌਰਾਨ ਮੋਦੀ ਸਰਕਾਰ ਵੱਲੋਂ ਭਗਵੇਂਕਰਨ ਤਹਿਤ ਐੱਨ ਸੀ ਈ ਆਰ ਟੀ ਦੇ ਸਿਲੇਬਸ ‘ਚ ਰੂਸੀ ਅਤੇ ਫਰਾਂਸੀਸੀ ਕ੍ਰਾਂਤੀ ਦੇ ਅਧਿਆਏ ਹਟਾ ਕੇ ਮਨੂ ਸਿਮਰਤੀ ਨੂੰ ਸ਼ਾਮਲ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਾਥੀ ਦਰਸ਼ਨ ਨਾਹਰ ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ, ਬਲਦੇਵ ਨੂਰਪੁਰੀ ਸੂਬਾ ਪ੍ਰੈੱਸ ਸਕੱਤਰ ਦਿਹਾਤੀ ਮਜ਼ਦੂਰ ਸਭਾ ਅਤੇ ਗਿਆਨ ਸੈਦਪੁਰੀ ਸੂਬਾ ਪ੍ਰੈੱਸ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ ਵੀ ਹਾਜ਼ਰ ਸਨ, ਜਦ ਕਿ ਕਿਸੇ ਕਾਰਨ ਮੀਟਿੰਗ ‘ਚੋਂ ਗੈਰਹਾਜ਼ਰ ਰਹੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸਤਪਾਲ ਬਨੂੜ ਅਤੇ ਭੂਪਚੰਦ ਚੰਨੋ ਨੇ ਉਲੀਕੇ ਗਏ ਪ੍ਰੋਗਰਾਮ ਨਾਲ ਸਹਿਮਤੀ ਪ੍ਰਗਟ ਕਰਦਿਆਂ ਜਲੰਧਰ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਸਹਿਮਤੀ ਦਿੱਤੀ ਹੈ।



