55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫਤਾਰ: ਚੀਮਾ

0
9

ਚੰਡੀਗੜ੍ਹ (ਨ ਜ਼ ਸ) : ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਦੱਸਿਆ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਫਰਮ ਮੈਸਰਜ਼ ਰੈਮਸਨਜ਼ ਦੇ ਮਾਲਕ ਭੁਪਿੰਦਰ ਸ਼ਰਮਾ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਨ੍ਹਾ ਕਿਹਾ ਕਿ ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ ਦੇ ਫਰਜ਼ੀ ਲੈਣ-ਦੇਣ ਨੂੰ ਸਫਲਤਾਪੂਰਵਕ ਰੋਕਿਆ। ਚੀਮਾ ਨੇ ਕਿਹਾ ਕਿ ਇਸ ਫਰਮ ਨੇ ਲਗਭਗ 55.35 ਕਰੋੜ ਰੁਪਏ ਦੀ ਜਾਲ੍ਹੀ ਬਿਲਿੰਗ ਕੀਤੀ, ਜਿਸ ਦੇ ਸਿੱਟੇ ਵਜੋਂ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ਆਈ ਟੀ ਸੀ ਗਲਤ ਤਰੀਕੇ ਨਾਲ ਪ੍ਰਾਪਤ ਕੀਤਾ ਗਿਆ ਅਤੇ ਅੱਗੇ ਪਾਸ ਕੀਤਾ ਗਿਆ। ਇਸ ਫਰਜ਼ੀ ਆਈ ਟੀ ਸੀ ਦੀ ਵਰਤੋਂ ਕੁਝ ਨਿਰਮਾਣ ਫਰਮਾਂ ਦੁਆਰਾ ਨਿਰਯਾਤ ‘ਤੇ ਭੁਗਤਾਨ ਕੀਤੇ ਗਏ ਆਈ ਜੀ ਐੱਸ ਟੀ ਦੇ ਰਿਫੰਡ ਦਾਅਵੇ ਕਰਨ ਲਈ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਭਾਰੀ ਨੁਕਸਾਨ ਹੋਇਆ ਹੈ।
ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਿਲ ਹੋਰ ਵਿਅਕਤੀਆਂ ਦੇ ਪੂਰੇ ਨੈੱਟਵਰਕ ਦੀ ਪਛਾਣ ਕਰਨ, ਇਸ ਫਰਜ਼ੀ ਆਈ ਟੀ ਸੀ ਦੇ ਸਹੀ ਪ੍ਰਵਾਹ ਦਾ ਪਤਾ ਲਗਾਉਣ ਅਤੇ ਟੈਕਸ ਚੋਰੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਲਈ ਜਾਂਚ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ।