ਚੰਡੀਗੜ੍ਹ (ਨ ਜ਼ ਸ)
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਵੱਲੋਂ ਸੋਮਵਾਰ ਮੁਹਾਲੀ ਤੋਂ ਵਿਸ਼ਾਲ ਮੋਟਰਸਾਈਕਲ ਮਾਰਚ ਚੰਡੀਗੜ੍ਹ ਦੇ ਸੈਕਟਰ 34 ਤੱਕ ਕੱਢਿਆ ਗਿਆ। ਉੱਥੇ ਰਾਜੇਵਾਲ ਸਣੇ ਸਮੁੱਚੀ ਲੀਡਰਸ਼ਿਪ ਨੇ ਪੰਜਾਬ ਦੇ ਪਾਣੀਆਂ, ਲੈਂਡ ਪੂਲਿੰਗ ਨੀਤੀ, ਭਾਰਤ-ਅਮਰੀਕਾ ਵਿਚਕਾਰ ਹੋਣ ਵਾਲੇ ਕਰ-ਮੁਕਤ ਵਪਾਰ ਸਮਝੌਤੇ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਉਭਾਰਿਆ। ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਬਾਹਰਲੇ ਦੇਸ਼ਾਂ ਨਾਲ ਵਪਾਰਕ ਸਮਝੌਤੇ ਕੀਤੇ ਤਾਂ ਕਿਸਾਨਾਂ ਵੱਲੋਂ ਤਿੱਖਾ ਦੇਸ਼ ਪੱਧਰੀ ਅੰਦੋਲਨ ਵਿੱਢਿਆ ਜਾਵੇਗਾ। ਮੁੱਖ ਮੰਤਰੀ ਮਾਨ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਪੰਜਾਬ ਨਾਲ ਸੰਬੰਧਤ 20 ਅਹਿਮ ਮੁੱਦਿਆਂ ਨੂੰ ਉਭਾਰਿਆ ਗਿਆ ਹੈ। ਦੂਜੇ ਪਾਸੇ, ਪ੍ਰਧਾਨ ਮੰਤਰੀ ਮੋਦੀ ਦੇ ਨਾਂਅ ਭੇਜੇ ਗਏ ਮੰਗ ਪੱਤਰ ਵਿੱਚ ਕੇਂਦਰ ਸਰਕਾਰ ਨਾਲ ਸੰਬੰਧਤ 12 ਪ੍ਰਮੁੱਖ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ।
ਕਿਸਾਨਾਂ ਦੇ ਕਾਫਲਿਆਂ ਦੇ ਚੰਡੀਗੜ੍ਹ ਵਿੱਚ ਦਾਖਲ ਹੋਣ ਨਾਲ ਪ੍ਰਮੁੱਖ ਸੜਕਾਂ ‘ਤੇ ਸੈਂਕੜੇ ਵਾਹਨ ਜਾਮ ਵਿੱਚ ਫਸ ਗਏ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਅਤੇ ਵਪਾਰਕ ਕੇਂਦਰ (ਬਿਜ਼ਨੈੱਸ ਹੱਬ ਮਾਰਕੀਟ) ਦੇ ਆਲੇ-ਦੁਆਲੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ ਸੀ। ਸੈਕਟਰ 20-21/34-35 (ਪੁਰਾਣਾ ਲੇਬਰ ਚੌਕ) ਅਤੇ ਸੈਕਟਰ 34-35 ਦੇ ਚੌਕਾਂ ‘ਤੇ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ। ਸੈਕਟਰ 33/34 ਨੂੰ ਵੰਡਦੀ ਸੜਕ ‘ਤੇ ਵੀ ਸਖਤ ਪਹਿਰੇ ਲਾਏ ਗਏ।



