ਬੇਅਦਬੀ ਮਾਮਲੇ ਦੇ ਮੁਲਜ਼ਮ ਦਾ ਕਤਲ

0
5

ਸ੍ਰੀ ਫਤਿਹਗੜ੍ਹ ਸਾਹਿਬ : ਪੰਜਾਬ ਵਿੱਚ ਬੇਅਦਬੀ ਮਾਮਲਿਆਂ ਨਾਲ ਜੁੜੇ ਇੱਕ ਵੱਡੇ ਘਟਨਾਕ੍ਰਮ ਵਿੱਚ, ਸਾਲ 2020 ਦੇ ਇੱਕ ਬੇਅਦਬੀ ਕੇਸ ਦੇ ਮੁਲਜ਼ਮ ਦਾ ਬੀਤੀ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 45 ਸਾਲਾ ਮੇਵਾ ਸਿੰਘ ਵਜੋਂ ਹੋਈ ਹੈ, ਜੋ ਕਿ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਲਾਡਪੁਰ ਤੂਰਾਂ ਦਾ ਰਹਿਣ ਵਾਲਾ ਸੀ। ਮੇਵਾ ਸਿੰਘ ਹਾਲ ਹੀ ਵਿੱਚ ਅਦਾਲਤ ਵੱਲੋਂ ਜ਼ਮਾਨਤ ਮਿਲਣ ਮਗਰੋਂ ਜੇਲ੍ਹ ਤੋਂ ਬਾਹਰ ਆਇਆ ਸੀ। ਇਹ ਵਾਰਦਾਤ ਅੱਧੀ ਰਾਤ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਮੇਵਾ ਸਿੰਘ ਆਪਣੇ ਪਰਵਾਰ ਸਮੇਤ ਘਰ ਵਿੱਚ ਮੌਜੂਦ ਸੀ। ਇੱਕ ਅਣਪਛਾਤਾ ਹਮਲਾਵਰ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਇਆ ਅਤੇ ਉਸ ਨੇ ਮੇਵਾ ਸਿੰਘ ‘ਤੇ ਤੇਜ਼ਧਾਰ ਹਥਿਆਰ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਮੇਵਾ ਸਿੰਘ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਹਨੇਰੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਅਮਲੋਹ ਦੇ ਡੀ.ਐੱਸ.ਪੀ. ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਦੇ ਕਈ ਡੂੰਘੇ ਜ਼ਖ਼ਮ ਸਨ।