ਗੋਲੀਕਾਂਡਾਂ ਬਾਰੇ ਪੁੱਛਗਿੱਛ ਲਈ ਸੁਖਬੀਰ ਤਲਬ

0
7

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸੰਬੰਧਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਪੁੱਛਗਿੱਛ ਲਈ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਾਂਚ ਵਿੱਚ ਇਹ ਨਵਾਂ ਮੋੜ ਭਾਜਪਾ ਆਗੂ ਵਿਜੇ ਸਾਂਪਲਾ ਵੱਲੋਂ ਸਿੱਟ ਦੇ ਸਾਹਮਣੇ ਦਰਜ ਕਰਵਾਏ ਗਏ ਬਿਆਨ ਤੋਂ ਬਾਅਦ ਆਇਆ ਹੈ। ਵਿਜੇ ਸਾਂਪਲਾ ਨੇ ਜਾਂਚ ਟੀਮ ਕੋਲ ਇਸ ਗੱਲ ਤੋਂ ਸਾਫ ਇਨਕਾਰ ਕੀਤਾ ਹੈ ਕਿ ਉਨ੍ਹਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਸੰਬੰਧ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਗਏ ਮੈਮੋਰੰਡਮ ‘ਤੇ ਦਸਤਖਤ ਕੀਤੇ ਸਨ। ਸਾਂਪਲਾ ਦੇ ਇਸ ਖੁਲਾਸੇ ਤੋਂ ਬਾਅਦ ਸਿੱਟ ਨੇ ਉਸ ਮੈਮੋਰੰਡਮ ਨਾਲ ਜੁੜੇ ਹਾਲਾਤ ਅਤੇ ਤੱਥਾਂ ਨੂੰ ਸਪੱਸ਼ਟ ਕਰਨ ਲਈ ਸੁਖਬੀਰ ਬਾਦਲ ਨੂੰ ਦੁਬਾਰਾ ਸੱਦਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਹੋਈ ਪੁੱਛਗਿੱਛ ਤੋਂ ਬਾਅਦ ਵਿਜੇ ਸਾਂਪਲਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਉਨ੍ਹਾ ਨੇ ਪੁਲਸ ਨੂੰ ਮੈਮੋਰੰਡਮ ਦੀ ਅਸਲ ਕਾਪੀ ਦਿਖਾਉਣ ਲਈ ਕਿਹਾ ਹੈ ਤਾਂ ਜੋ ਉਹ ਆਪਣੇ ਦਸਤਖਤਾਂ ਦੀ ਪੁਸ਼ਟੀ ਜਾਂ ਇਨਕਾਰ ਕਰ ਸਕਣ।
ਜਾਂਚ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਸਿੱਟ ਅਕਤੂਬਰ 2015 ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਸ ਕਾਰਵਾਈ ਤੋਂ ਠੀਕ ਪਹਿਲਾਂ ਦੇ ਘਟਨਾਕ੍ਰਮ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸਿੱਟ ਨੂੰ ਦੱਸਿਆ ਸੀ ਕਿ ਪ੍ਰਦਰਸ਼ਨਕਾਰੀਆਂ ਖਿਲਾਫ ਕਾਰਵਾਈ (ਕਰੈਕਡਾਊਨ) ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾ ਦੀ ਤਤਕਾਲੀ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡੀ ਜੀ ਪੀ ਨਾਲ ਗੱਲਬਾਤ ਹੋਈ ਸੀ।
ਇਸ ਜਾਂਚ ਵਿੱਚ ਇੱਕ ਹੋਰ ਅਹਿਮ ਕੜੀ ਉਸ ਵੇਲੇ ਜੁੜੀ ਜਦੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓ ਐੱਸ ਡੀ ਸਿੱਟ ਕੋਲ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੇ ਹੁਕਮ ਰਾਤ ਦੇ ਸਮੇਂ ਹੀ ਦੇ ਦਿੱਤੇ ਗਏ ਸਨ। ਜਾਂਚਕਰਤਾਵਾਂ ਲਈ ਇਹ ਵੇਰਵਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨਾਲ ਇਹ ਪਤਾ ਲਗਾਉਣ ਵਿੱਚ ਮਦਦ ਮਿਲੇਗੀ ਕਿ ਅਸਲ ਵਿੱਚ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਕਿਸ ਨੇ ਦਿੱਤੀ ਸੀ ਅਤੇ ਇਹ ਫੈਸਲਾ ਕਦੋਂ ਲਿਆ ਗਿਆ ਸੀ। ਅਕਤੂਬਰ 2015 ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਖਿਲਾਫ ਸਿੱਖ ਸੰਗਤਾਂ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਇਸੇ ਦੌਰਾਨ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ ‘ਤੇ ਪੁਲਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਬਹਿਬਲ ਕਲਾਂ ਵਿਖੇ ਹੋਈ ਪੁਲਸ ਫਾਇਰਿੰਗ ਦੌਰਾਨ ਦੋ ਸਿੱਖ ਪ੍ਰਦਰਸ਼ਨਕਾਰੀ ਮਾਰੇ ਗਏ ਸਨ, ਜਦੋਂਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਹੁਣ ਸਿੱਟ ਇਸ ਮਾਮਲੇ ਦੇ ਦੋਸ਼ੀਆਂ ਤੱਕ ਪਹੁੰਚਣ ਲਈ ਜਾਂਚ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ।