ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਜਲੰਧਰ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਛੋਟੇ ਕਾਰੋਬਾਰੀਆਂ, ਨੌਜਵਾਨਾਂ ਤੇ ਆਮ ਲੋਕਾਂ ਨੂੰ ਵੱਡੀਆਂ ਉਮੀਦਾਂ ਸਨ, ਪਰ ਇਹ ਫੇਰੀ ਪੰਜਾਬ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਸਾਬਤ ਹੋਈ ਹੈ। ਉਨ੍ਹਾ ਕਿਹਾ ਕਿ ਪੰਜਾਬ ਅੱਜ ਖੇਤੀ ਸੰਕਟ, ਵਧਦੀ ਮਹਿੰਗਾਈ, ਬੇਰੁਜ਼ਗਾਰੀ, ਕਰਜ਼ੇ ਦੇ ਬੋਝ ਅਤੇ ਛੋਟੇ ਕਾਰੋਬਾਰਾਂ ਦੀ ਮੰਦਹਾਲੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਲਈ ਕਿਸੇ ਵਿਸ਼ੇਸ਼ ਆਰਥਿਕ ਰਾਹਤ ਪੈਕੇਜ ਜਾਂ ਨਵੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਐਲਾਨ ਕਰਨਗੇ, ਪਰ ਅਜਿਹਾ ਕੁਝ ਵੀ ਨਹੀਂ ਹੋਇਆ। ਲੱਖੋਵਾਲ ਨੇ ਕਿਹਾ ਕਿ ਰੈਲੀ ਦੌਰਾਨ ਪੰਜਾਬ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਅਤੇ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਪੰਜਾਬ ਦਾ ਕਿਸਾਨ ਲੰਮੇ ਸਮੇਂ ਤੋਂ ਮੰਗ ਕਰ ਰਿਹਾ ਹੈ ਕਿ ਖੇਤੀ ਕਰਜ਼ਿਆਂ ਦੇ ਮਸਲੇ ਦਾ ਠੋਸ ਹੱਲ ਕੀਤਾ ਜਾਵੇ, ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਖੇਤੀ ਲਾਗਤ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਮਸਲਿਆਂ ‘ਤੇ ਕੇਂਦਰ ਸਰਕਾਰ ਸਪੱਸ਼ਟ ਰੁਖ਼ ਅਪਣਾਏ। ਇਸੇ ਤਰ੍ਹਾਂ ਮਜ਼ਦੂਰ ਵਰਗ ਮਹਿੰਗਾਈ ਅਤੇ ਰੁਜ਼ਗਾਰ ਦੀ ਅਣਿਸ਼ਚਿਤਤਾ ਨਾਲ ਜੂਝ ਰਿਹਾ ਹੈ, ਜਦੋਂ ਕਿ ਛੋਟੇ ਕਾਰੋਬਾਰੀ ਲਗਾਤਾਰ ਆਰਥਿਕ ਦਬਾਅ ਹੇਠ ਆਪਣਾ ਕਾਰੋਬਾਰ ਚਲਾਉਣ ਲਈ ਮਜਬੂਰ ਹਨ। ਉਨ੍ਹਾ ਕਿਹਾ ਕਿ ਚੰਡੀਗੜ੍ਹ ਤੋਂ ਕੌਮਾਂਤਰੀ ਹਵਾਈ ਸੇਵਾਵਾਂ ਦੇ ਹੋਰ ਵਿਸਥਾਰ ਅਤੇ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਹਵਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ। ਪੰਜਾਬ ਦੇ ਲੱਖਾਂ ਪਰਵਾਸੀ ਪੰਜਾਬੀ, ਵਿਦਿਆਰਥੀ, ਕਾਰੋਬਾਰੀ ਅਤੇ ਆਮ ਯਾਤਰੀ ਚਾਹੁੰਦੇ ਸਨ ਕਿ ਪ੍ਰਧਾਨ ਮੰਤਰੀ ਆਪਣੀ ਪੰਜਾਬ ਫੇਰੀ ਦੌਰਾਨ ਚੰਡੀਗੜ੍ਹ ਹਵਾਈ ਅੱਡੇ ਤੋਂ ਵਧੇਰੇ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਜਾਂ ਇਸ ਸਬੰਧੀ ਕੋਈ ਠੋਸ ਐਲਾਨ ਕਰਨ। ਜੇਕਰ ਪੰਜਾਬ ਨੂੰ ਇਸ ਸਬੰਧੀ ਕੋਈ ਵੱਡਾ ਤੋਹਫ਼ਾ ਮਿਲਦਾ ਤਾਂ ਲੋਕਾਂ ਨੂੰ ਇਹ ਮਹਿਸੂਸ ਹੁੰਦਾ ਕਿ ਪ੍ਰਧਾਨ ਮੰਤਰੀ ਪੰਜਾਬ ਲਈ ਕੋਈ ਅਹਿਮ ਸੌਗਾਤ ਦੇ ਕੇ ਗਏ ਹਨ, ਪਰ ਇਸ ਪਾਸੇ ਵੀ ਕੋਈ ਸਕਾਰਾਤਮਕ ਐਲਾਨ ਨਾ ਹੋਣ ਕਾਰਨ ਪੰਜਾਬ ਦੇ ਲੋਕਾਂ ਦੀ ਨਿਰਾਸ਼ਾ ਹੋਰ ਵਧੀ ਹੈ। ਉਨ੍ਹਾ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਪੰਜਾਬ ਅਤੇ ਦੇਸ਼ ਦੇ ਅੰਨਦਾਤਾ ਦੀ ਭਲਾਈ ਚਾਹੁੰਦੀ ਹੈ ਤਾਂ ਇਸ ਦਾ ਪ੍ਰਗਟਾਵਾ ਸਿਰਫ਼ ਭਾਸ਼ਣਾਂ ਨਾਲ ਨਹੀਂ, ਸਗੋਂ ਠੋਸ ਨੀਤੀਆਂ ਅਤੇ ਫ਼ੈਸਲਿਆਂ ਰਾਹੀਂ ਹੋਣਾ ਚਾਹੀਦਾ ਹੈ।




