ਨਵੀਂ ਦਿੱਲੀ : ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨੂੰ ਦਿੱਲੀ ਪੁਲਸ ਦੁਆਰਾ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਤੋਂ ਸਫਦਰਜੰਗ ਹਸਪਤਾਲ ਵਿੱਚ ਤਬਦੀਲ ਕੀਤੇ ਜਾਣ ਤੋਂ ਤੁਰੰਤ ਬਾਅਦ ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸਨਿੱਚਰਵਾਰ ਐਲਾਨ ਕੀਤਾ ਕਿ ਉਹ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕਰ ਰਹੇ ਹਨ। ਦੀਪਕੇ ਨੇ ‘ਐੱਕਸ’ ‘ਤੇ ਇੱਕ ਪੋਸਟ ਵਿੱਚ ਕਿਹਾ, ‘ਮੈਂ ਹੁਣੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ।’ ਵਾਂਗਚੁਕ ਨੂੰ ਸਨਿੱਚਰਵਾਰ ਸਵੇਰੇ ਹਸਪਤਾਲ ਤਬਦੀਲ ਕੀਤਾ ਗਿਆ ਸੀ, ਜਿਸ ਵਿੱਚ ਪੁਲਸ ਨੇ ਡਾਕਟਰੀ ਸਲਾਹ ਅਤੇ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਦਾ ਹਵਾਲਾ ਦਿੱਤਾ, ਕਿਉਂਕਿ ਉਨ੍ਹਾ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦੇ 21ਵੇਂ ਦਿਨ ਸਿਹਤ ਵਿਗੜ ਗਈ ਸੀ। ਪੁਲਸ ਦੀ ਕਾਰਵਾਈ ਤੋਂ ਬਾਅਦ ਦੀਪਕੇ ਨੇ ਦੋਸ਼ ਲਾਇਆ ਕਿ ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ ਦਿੱਲੀ ਪੁਲਸ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ। ਹਾਲਾਂ ਕਿ ਪੁਲਸ ਨੇ ਕਿਹਾ ਕਿ ਵਾਂਗਚੁਕ ਨੂੰ ਜ਼ਰੂਰੀ ਡਾਕਟਰੀ ਦੇਖਭਾਲ ਲਈ ਤਬਦੀਲ ਕੀਤਾ ਗਿਆ ਹੈ । ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀਪੂਰਵਕ ਜਗ੍ਹਾ ਖਾਲੀ ਕਰਨ ਦੀ ਅਪੀਲ ਕੀਤੀ। ਵਾਂਗਚੁਕ 28 ਜੂਨ ਤੋਂ ਨੀਟ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਵਿਰੁੱਧ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ‘ਤੇ ਸਨ।
ਆਮ ਆਦਮੀ ਪਾਰਟੀ ਨੇ ਸੋਨਮ ਵਾਂਗਚੁਕ ਨੂੰ ਦਿੱਲੀ ਪੁਲਸ ਵੱਲੋਂ ਜੰਤਰ-ਮੰਤਰ ‘ਤੇ ਉਨ੍ਹਾ ਦੇ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਏ ਜਾਣ ਤੋਂ ਬਾਅਦ ਕੇਂਦਰ ‘ਤੇ ਤਿੱਖਾ ਹਮਲਾ ਬੋਲਿਆ ਹੈ। ‘ਐੱਕਸ’ ‘ਤੇ ਇੱਕ ਪੋਸਟ ਵਿੱਚ, ‘ਆਪ’ ਨੇ ਦੋਸ਼ ਲਾਇਆ, ‘ਪੇਪਰ ਲੀਕ ਵਿਰੁੱਧ ਸੋਨਮ ਵਾਂਗਚੁਕ ਦੀ ਸ਼ਾਂਤਮਈ ਭੁੱਖ ਹੜਤਾਲ ਨੂੰ ਖਤਮ ਕਰਨ ਲਈ ਗੱਲਬਾਤ ਦਾ ਰਸਤਾ ਚੁਣਨ ਦੀ ਬਜਾਏ ਸਰਕਾਰ ਨੇ ਜ਼ੋਰ-ਜ਼ਬਰਦਸਤੀ ਅਤੇ ਗੁੰਡਾਗਰਦੀ ਦਾ ਸਹਾਰਾ ਲਿਆ। ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਤੋਂ ਡਰਦੀ ਹੈ।’ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਾਂਗਚੁਕ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਨਜ਼ਰਅੰਦਾਜ਼ ਕਰਨ ਅਤੇ ਇਸ ਨੂੰ ਖਤਮ ਕਰਨ ਲਈ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਵੀ ਲਾਇਆ। ਦਿੱਲੀ ਦੇ ਜੰਤਰ-ਮੰਤਰ ‘ਤੇ ਸ਼ਨੀਵਾਰ ਦੁਪਹਿਰ ਨੂੰ ਉਸ ਸਮੇਂ ਨਵਾਂ ਸਿਆਸੀ ਡਰਾਮਾ ਅਤੇ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ ਇੱਕ ਮਹਿਲਾ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਵਰਗਾ ਕੋਈ ਤਰਲ ਪਦਾਰਥ ਸੁੱਟ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਦੀਪਕੇ ਉੱਥੇ ਇਕੱਠੀ ਹੋਈ ਭੀੜ ਨੂੰ ਸੰਬੋਧਨ ਕਰ ਰਹੇ ਸਨ। ਇਸ ਅਚਾਨਕ ਹੋਏ ਹਮਲੇ ਕਾਰਨ ਚੱਲ ਰਿਹਾ ਪ੍ਰੋਗਰਾਮ ਕੁਝ ਸਮੇਂ ਲਈ ਪੂਰੀ ਤਰ੍ਹਾਂ ਰੁਕ ਗਿਆ ਅਤੇ ਜਿਵੇਂ ਹੀ ਅਭਿਜੀਤ ਦੀਪਕੇ ਦੇ ਸਮਰਥਕ ਸਟੇਜ ਵੱਲ ਭੱਜੇ, ਤਾਂ ਮੌਕੇ ‘ਤੇ ਭਾਰੀ ਅਫ਼ਰਾ-ਤਫ਼ਰੀ ਅਤੇ ਹੰਗਾਮਾ ਸ਼ੁਰੂ ਹੋ ਗਿਆ। ਸਿਆਹੀ ਸੁੱਟਣ ਵਾਲੀ ਮਹਿਲਾ ਦੀ ਪਛਾਣ ਅਤੇ ਉਸ ਵੱਲੋਂ ਅਜਿਹਾ ਕਦਮ ਚੁੱਕਣ ਦੇ ਅਸਲ ਮਨੋਰਥ ਬਾਰੇ ਤੁਰੰਤ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ। ਪੁਲੀਸ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਹੰਗਾਮਾ ਕਰਨ ਵਾਲੀ ਮਹਿਲਾ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।




