5 ਨੂੰ ਮਜ਼ਦੂਰਾਂ ਵੱਲੋਂ ਜਲੰਧਰ ‘ਚ ਰੈਲੀ ਤੇ ਮੁਜ਼ਾਹਰਾ

0
7

ਜਲੰਧਰ (ਗਿਆਨ ਸੈਦਪੁਰੀ, ਰਾਜੇਸ਼ ਥਾਪਾ)
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਐਲਾਨ ਕੀਤਾ ਹੈ ਕਿ ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ, ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ।ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸੋਮਵਾਰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾਈ ਮੀਟਿੰਗ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਦੇਵੀ ਕੁਮਾਰੀ ਸਰਹਾਲੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਉਪਰੰਤ ਪ੍ਰੈੱਸ ਮਿਲਣੀ ਦੌਰਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈ ਕੇ ਮਜ਼ਦੂਰ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਹਨ, ਪਰ ਲਾਰਿਆਂ ਅਤੇ ਫੋਕੇ ਵਾਅਦਿਆਂ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਪੰਜਾਬ ਮੀਟਿੰਗ ਦਾ ਸੱਦਾ ਦੇ ਕੇ ਮੁੱਕਰ ਜਾਂਦੇ ਰਹੇ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗਾਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਸੂਬਾਈ ਆਗੂਆਂ ਸਰਵਸਾਥੀ ਦਰਸ਼ਨ ਨਾਹਰ (ਸੂਬਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ), ਜੋਰਾ ਸਿੰਘ ਨਸਰਾਲੀ (ਸੂਬਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ) ਗੋਬਿੰਦ ਸਿੰਘ ਛਾਜਲੀ (ਸੂਬਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ), ਕਸ਼ਮੀਰ ਸਿੰਘ ਘੁਗਸ਼ੋਰ (ਪ੍ਰੈੱਸ ਸਕੱਤਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ), ਗੁਰਬਿੰਦਰ ਸਿੰਘ ਬੌੜਾਂ (ਸੂਬਾ ਸਕੱਤਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ), ਚਮਕੌਰ ਸਿੰਘ ਖੇੜੀ (ਸੂਬਾ ਸਕੱਤਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ), ਪ੍ਰਗਟ ਸਿੰਘ ਕਾਲਾ ਝਾੜ (ਸੂਬਾ ਆਗੂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ) ਨੇ ਕਿਹਾ ਕਿ ਮਜ਼ਦੂਰਾਂ ਲਈ ਸਾਲ ਭਰ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਨਵੇਂ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਕੇ ਬਾਲਗ ਜੀਆਂ ਨੂੰ ਪ੍ਰਤੀ ਦਿਨ 700 ਰੁਪਏ ਦਿਹਾੜੀ ਦੇਣ, ਵਿਧਵਾ, ਬੁਢਾਪਾ, ਅੰਗਹੀਣ ਪੈਨਸ਼ਨ 5000 ਰੁਪਏ ਮਹੀਨਾ ਕਰਨ, ਔਰਤਾਂ ਦੇ ਖਾਤੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਪਾਉਣ, ਲੋੜਵੰਦ ਪਰਵਾਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਮਕਾਨ ਉਸਾਰੀ ਲਈ ਗਰਾਂਟ ਦੇਣ, ਪੰਚਾਇਤੀ ਜ਼ਮੀਨਾਂ ‘ਚੋਂ ਰਾਖਵੇਂ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ‘ਚ ਵੰਡਣ, ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮਾਫ਼ ਕਰਨ ਅਤੇ ਕਿਰਤ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਅਤੇ ਨਵੇਂ ਚਾਰ ਲੇਬਰ ਕੋਡ ਰੱਦ ਕਰਨ ਵਰਗੀਆਂ ਮੰਗਾਂ ‘ਤੇ ਮਜ਼ਦੂਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਪਹਿਲੀਆਂ ਸਰਕਾਰਾਂ ਵਾਂਗ ਹੀ ਮੌਜੂਦਾ ਸਰਕਾਰ ਵੀ ਮਜ਼ਦੂਰ ਮੰਗਾਂ ਨੂੰ ਦਰਕਿਨਾਰ ਕਰਕੇ ਮਜ਼ਦੂਰਾਂ ਨਾਲ ਵਿਤਕਰਾ ਕਰ ਰਹੀ ਹੈ।ਮਜ਼ਦੂਰ ਆਗੂਆਂ ਨੇ ਕਿਹਾ ਕਿ ਸਦੀਆਂ ਤੋਂ ਜਾਤੀ-ਪਾਤੀ ਵਿਤਕਰੇ, ਸਰਕਾਰੀ ਤੇ ਜਾਗੀਰੂ ਜਬਰ ਦੇ ਸਤਾਏ ਬੇਜ਼ਮੀਨੇ ਮਜ਼ਦੂਰ ਅੱਜ ਵੀ ਅੱਤ ਦੀ ਮਹਿੰਗਾਈ, ਇਲਾਜ ਕਰਵਾਉਣ ਤੋਂ ਅਸਮਰੱਥ, ਬੱਚਿਆਂ ਨੂੰ ਉੱਚ ਸਿੱਖਿਆ ਦਿਵਾਉਣ ਅਤੇ ਰੋਜ਼ਾਨਾ ਜੀਵਨ ਲੋੜਾਂ ਪੂਰੀਆਂ ਕਰਨ ਤੋਂ ਅਸਮਰੱਥ ਹਨ ਅਤੇ ਕਰਜ਼ੇ ਹੇਠ ਦੱਬੇ ਹੋਏ ਹਨ, ਪਰ ਸਰਕਾਰਾਂ ਫੋਕੇ ਦਾਅਵੇ ਕਰਕੇ ਵਿਕਾਸ ਦੇ ਦਮਗਜੇ ਮਾਰ ਕੇ ਮਜ਼ਦੂਰਾਂ ਦੀਆਂ ਵੋਟਾਂ ਬਟੋਰਨ ਦੇ ਆਹਰ ਵਿੱਚ ਲੱਗੀਆਂ ਹੋਈਆਂ ਹਨ।ਮਜ਼ਦੂਰ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਤੇਜ਼ੀ ਨਾਲ ਮਜ਼ਦੂਰ/ਦਲਿਤ ਵਿਰੋਧੀ ਕਾਨੂੰਨ ਬਣਾਏ ਤੇ ਲਾਗੂ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਅਜਿਹਾ ਕਰਕੇ ਅਸਲ ਵਿੱਚ ਸਦੀਆਂ ਪੁਰਾਣੇ ਮਨੂੰਵਾਦੀ ਵਿਵਸਥਾ ਨੂੰ ਲਾਗੂ ਕਰ ਰਹੇ ਹਨ।ਉਹਨਾਂ ਕਿਹਾ ਕਿ 5 ਅਗਸਤ ਨੂੰ ਪੰਜਾਬ ਭਰ ‘ਚੋਂ ਮਜ਼ਦੂਰ ਆਪਣੇ ਪਰਵਾਰਾਂ ਸਮੇਤ ਰੈਲੀ ਅਤੇ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ। ਮਜ਼ਦੂਰ ਆਗੂਆਂ ਨੇ ਪੰਜਾਬ ਪੱਧਰ ‘ਤੇ ਸਫਾਈ ਮਜ਼ਦੂਰਾਂ ਦੀ ਚੱਲ ਰਹੀ ਹੜਤਾਲ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਦੇ ਸਫ਼ਾਈ ਮਜ਼ਦੂਰਾਂ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ, ਉੱਥੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ, ਕੱਚੇ ਮੁਲਾਜ਼ਮਾਂ, ਖੇਤ ਮਜ਼ਦੂਰਾਂ ‘ਤੇ ਪੁਲਸ ਜਬਰ ਦੀ ਨਿਖੇਧੀ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਦੇਵ ਨੂਰਪੁਰੀ, ਗਿਆਨ ਸੈਦਪੁਰੀ, ਹਰਮੇਸ਼ ਮਾਲੜੀ, ਹਰਬੰਸ ਸਿੰਘ ਧੂਤ, ਸੋਡੀ ਲਾਲ ਉੱਪਲ ਵੀ ਹਾਜ਼ਰ ਸਨ।